ਖੇਤਰੀ ਪ੍ਰਤੀਨਿਧ
ਪਟਿਆਲਾ, 11 ਦਸੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ 32 ਕਿਸਾਨ-ਜਥੇਬੰਦੀਆਂ ਵਿਚਕਾਰ 17 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ। ਇਹ ਪ੍ਰਗਟਾਵਾ ਦਿੱਲੀ ਤੋਂ ਪੰਜਾਬ ਪਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਕਾਂਗਰਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੇ ਕੀਤੇ ਵਾਅਦੇ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਦੋਵੇਂ ਕਿਸਾਨ ਆਗੂਆਂ ਨੇ ਦਿੱਲੀ ਕਿਸਾਨ ਮੋਰਚੇ ਤੋਂ ਪਰਤਦਿਆਂ ਸੜਕ ਹਾਦਸੇ ਵਿੱਚ ਦੋ ਕਿਸਾਨਾਂ ਦੀ ਹੋਈ ਸ਼ਹਾਦਤ ਨੂੰ ਬੇਹੱਦ ਦੁਖਦਾਈ ਦੱਸਿਆ। ਉਨ੍ਹਾ ਪੰਜਾਬ ਸਰਕਾਰ ਤੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਢੁਕਵੇਂ ਮੁਆਵਜ਼ੇ ਅਤੇ ਸਰਕਾਰੀ ਨੌਕਰੀ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ 700 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਹਨ, ਜਿਨ੍ਹਾਂ ਲਈ ਸਿਰਫ਼ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
15 ਨੂੰ ਚੁੱਕੇ ਜਾਣਗੇ ਪੰਜਾਬ ਦੇ ਕਿਸਾਨੀ ਧਰਨੇ
ਕਿਸਾਨ ਆਗੂ ਬੁਰਜਗਿੱਲ ਨੇ ਦੱਸਿਆ ਕਿ 15 ਦਸੰਬਰ ਨੂੰ ਵੱਡੇ ਇਕੱਠਾਂ ਨਾਲ ਪੰਜਾਬ ਦੇ ਕਿਸਾਨੀ ਧਰਨੇ ਚੁੱਕੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਭਰ ’ਚ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਦੇ ਘਰਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਕਾਰਪੋਰੇਟ ਮਾਲਜ਼ ਸਮੇਤ ਕਈ ਥਾਵਾਂ ’ਤੇ ਸਾਲ ਭਰ ਤੋਂ ਪੱਕੇ-ਧਰਨੇ ਜਾਰੀ ਹਨ, ਜੋ ਹੁਣ ਬਕਾਇਦਾ ਜਿੱਤ ਦਾ ਐਲਾਨ ਕਰਕੇ ਚੁੱਕੇ ਜਾਣਗੇ।