ਚੰਨੀ ਵੱਲੋਂ ਨਸ਼ਿਆਂ ਖ਼ਿਲਾਫ਼ ‘ਪਗੜੀ ਸੰਭਾਲ ਯਾਤਰਾ’ ਦਾ ਐਲਾਨ
‘ਆਪ’ ਦੇ ਅੱਧੇ ਤੋਂ ਵੱਧ ਵਿਧਾਇਕ ਛੇਤੀ ਹੀ ਪਾਰਟੀ ਦੀ ਅੰਦਰੂਨੀ ਸਥਿਤੀ ਬਾਰੇ ਖੁਲਾਸੇ ਕਰਨਗੇ: ਸਾਬਕਾ ਮੁੱਖ ਮੰਤਰੀ
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ‘ਪਗੜੀ ਸੰਭਾਲ ਯਾਤਰਾ’ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਤੋਂ ਬਾਅਦ ਕਾਂਗਰਸ ਵੱਲੋਂ ਸੂਬੇ ਵਿੱਚ ਸਾਈਕਲ ਰੈਲੀਆਂ ਕਰ ਕੇ ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਹੋਰ ਲੋਕ-ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਹ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ‘ਪਗੜੀ ਸੰਭਾਲ ਯਾਤਰਾ’ ਦਾ ਨਾਮ ਦਿੱਤਾ ਗਿਆ ਹੈ। ਯਾਤਰਾ ਦਾ ਮੁੱਖ ਉਦੇਸ਼ ‘ਨੌਜਵਾਨ ਬਚਾਓ’ ਅਤੇ ‘ਨਸ਼ਾ ਖ਼ਤਮ ਕਰੋ’ ਹੋਵੇਗਾ। ਹਰੇਕ ਰੈਲੀ ਵਿੱਚ ਲਗਭਗ 2,000 ਲੋਕਾਂ ਦੀ ਸ਼ਮੂਲੀਅਤ ਹੋਵੇਗੀ। ਇਸ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨਾ ਹੈ। ਬਿਜਲੀ ਦੇ ਵਧੇ ਜਾਂ ਕਥਿਤ ਤੌਰ ’ਤੇ ਗਲਤ ਬਿੱਲਾਂ ਦੇ ਮੁੱਦੇ ’ਤੇ ਚੰਨੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਜਿਹੇ ਬਿੱਲ ਭੇਜੇ ਗਏ ਹਨ, ਉਹ ਫਿਲਹਾਲ ਇਨ੍ਹਾਂ ਦੀ ਅਦਾਇਗੀ ਨਾ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਕਾਂਗਰਸ ਸਰਕਾਰ ਬਣਨ ’ਤੇ ਅਜਿਹੇ ਵਧੇ ਹੋਏ ਬਿਜਲੀ ਬਿੱਲ ਮੁਆਫ਼ ਕੀਤੇ ਜਾਣਗੇ, ਜਿਵੇਂ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਕੀਤਾ ਗਿਆ ਸੀ।
‘ਸਿੱਖਿਆ ਕ੍ਰਾਂਤੀ’ ਸਬੰਧੀ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਉਠਾਏ ਸਵਾਲਾਂ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਅੱਧ ਤੋਂ ਵੱਧ ਵਿਧਾਇਕ ਜਲਦ ਹੀ ਪਾਰਟੀ ਦੀ ਅੰਦਰੂਨੀ ਸਥਿਤੀ ਬਾਰੇ ਖੁਲਾਸੇ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੇ ਵਿਧਾਇਕ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੰਜਾਬ ਨਾਲ ਕੀਤੇ ਧੱਕੇ ਨੂੰ ਲੋਕਾਂ ਸਾਹਮਣੇ ਲਿਆਉਣਗੇ। ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਉਂਦਿਆਂ ਚੰਨੀ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਲੁੱਟ-ਖੋਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਸਰਕਾਰ ’ਤੇ ਗੈਂਗਸਟਰਾਂ ਨੂੰ ਕਥਿਤ ਸਿਆਸੀ ਸਹਾਰਾ ਦੇਣ ਦੇ ਵੀ ਦੋਸ਼ ਲਾਏ।
ਮੋਰਿੰਡਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ 11 ਤੋਂ 14 ਅਕਤੂਬਰ ਤੱਕ ਅੱਖਾਂ ਦਾ ਮੁਫ਼ਤ ਕੈਂਪ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਘਰਾਂ ਤੋਂ ਕੈਂਪ ਤੱਕ ਲਿਆਉਣ, ਮੁਫ਼ਤ ਅੱਖਾਂ ਦਾ ਇਲਾਜ ਕਰਵਾਉਣ ਅਤੇ ਇਲਾਜ ਤੋਂ ਬਾਅਦ ਵਾਪਸ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਉਹ ਖੁਦ ਨਿਭਾਉਣਗੇ।

