ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਨਵੰਬਰ
ਸ਼੍ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਸਬੰਧੀ ਗੁਮਰਾਹਕੁਨ ਬਿਆਨਬਾਜ਼ੀ ਕਰਨ ਤੇ ਝੂਠ ਬੋਲਣ ਦੇ ਦੋਸ਼ ਲਾਏ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਤੇ ਹਾਈਕਮਾਂਡ ਸਿਰਫ ਬਿਜਲੀ ਪਲਾਂਟ ਮਾਲਕਾਂ ਨੂੰ ਬਲੈਕਮੇਲ ਕਰ ਕੇ ਮੋਟੀਆਂ ਰਕਮਾਂ ਬਟੋਰਨੀਆਂ ਚਾਹੁੰਦੇ ਹਨ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਸਾਰੀ ਪ੍ਰਕਿਰਿਆ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਧੋਖਾ ਹੈ ਕਿਉਂਕਿ ਵਿਧਾਨ ਸਭਾ ਨੇ ਨਹੀਂ ਰਾਜ ਸਰਕਾਰ ਨੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਾਰਜਕਾਰੀ ਫੈਸਲਾ ਲੈਣਾ ਹੈ। ਅਕਾਲੀ ਆਗੂ ਨੇ ਮੁੱਖ ਮੰਤਰੀ ਨੁੰ ਚੁਣੌਤੀ ਦਿੱਤੀ ਕਿ ਉਹ ਸਾਬਤ ਕਰਨ ਕਿ ਅਕਾਲੀ ਸਰਕਾਰ ਨੇ ਸੂਬੇ ਵਾਸਤੇ ਸੋਲਰ ਬਿਜਲੀ 17 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਖਰੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕੇਂਦਰ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ, ਜੋ ਜਵਾਹਰ ਲਾਲ ਨਹਿਰੂ ਨੈਸ਼ਨਲ ਸੋਲਰ ਮਿਸ਼ਨ ਤਹਿਤ ਲਾਗੂ ਕੀਤੇ ਗਏ, ਦੇ ਮਾਮਲੇ ਵਿਚ ਝੂਠ ਬੋਲ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੇ ਹਨ।