ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਚੱਲ ਰਹੇ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੌਰ ਦੌਰਾਨ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸੀ ਉਮੀਦਵਾਰ ਵਜੋਂ ਵਿਧਾਨ ਸਭਾ ਹਲਕਾ ਭਦੌੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਪਟਿਆਲਾ ਸ਼ਹਿਰੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਹਲਕਾ ਲੰਬੀ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ।
ਤਪਾ ਮੰਡੀ (ਸੀ. ਮਾਰਕੰਡਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇੱਥੇ ਭਦੌੜ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪੁੱਜੇ। ਸ਼ਹਿਰ ਦੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਸ੍ਰੀ ਚੰਨੀ ਨੇ ਤਪਾ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ਦਾ ਦੌਰਾ ਕਰਦੇ ਹੋਏ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਲੋਕਾਂ ਨਾਲ ਤਸਵੀਰਾਂ ਖਿਚਵਾਈਆਂ। ਇੱਥੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਚੰਨੀ ਨੇ ਕਿਹਾ, ‘‘ਮੈਂ ਸੁਦਾਮਾ ਦੀ ਤਰ੍ਹਾਂ ਵੋਟਾਂ ਮੰਗਣ ਲਈ ਆਇਆ ਹਾਂ, ਤੁਸੀਂ ਕ੍ਰਿਸ਼ਨ ਬਣ ਕੇ ਮੇਰੀ ਝੋਲੀ ਵੋਟਾਂ ਨਾਲ ਭਰ ਦਿਓ।’’ ਉਨ੍ਹਾਂ ਕਿਹਾ ਕਿ ਉਹ ਮਾਲਵਾ ਖੇਤਰ ’ਚੋਂ ਚੋਣ ਲੜ ਕੇ ਮਾਲਵੇ ਦੀ ਤਰੱਕੀ ਵਿੱਚ ਹਿੱਸਾ ਪਾਉਣ ਲਈ ਆਏ ਹਨ ਅਤੇ ਮਾਲਵੇ ਦੇ ਮੱਥੇ ਤੋਂ ਪਛੜੇ ਇਲਾਕੇ ਦਾ ਕਲੰਕ ਲਾਹ ਕੇ ਰਹਿਣਗੇ।
ਸ੍ਰੀ ਚੰਨੀ ਨੇ ਵਿਰੋਧੀ ਆਗੂਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਖ਼ਿਲਾਫ਼ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਚੋਣ ਲੜ ਲੈਣ, ਲੋਕ ਉਨ੍ਹਾਂ ਨੂੰ ਹਰਾ ਕੇ ਦਿੱਲੀ ਭੇਜਣਗੇ। ਇਸ ਦੌਰਾਨ ਉਨ੍ਹਾਂ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਭੋਂਦੂ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ 6 ਵਜੇ ਤੋਂ ਬਾਅਦ ਬਾਹਰ ਨਹੀਂ ਨਿਕਲਦੇ ਹਨ ਕਿਉਂਕਿ ਉਨ੍ਹਾਂ ਦੀ ਪਾਰਟੀ ਸ਼ੁਰੂ ਹੋ ਜਾਂਦੀ ਹੈ ਤਾਂ ਅਜਿਹੇ ਵਿਅਕਤੀ ਪੰਜਾਬ ਦੀ ਸੰਭਾਲ ਕੀ ਕਰਨਗੇ। ਜ਼ਿਕਰਯੋਗ ਹੈ ਕਿ ਸ੍ਰੀ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ।
ਲੰਬੀ (ਇਕਬਾਲ ਸਿੰਘ ਸ਼ਾਂਤ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਤੋਂ ਛੇਵੀਂ ਵਾਰ ਚੋਣ ਲੜਨ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਰਿਟਰਨਿੰਗ ਅਫ਼ਸਰ ਰਾਜਦੀਪ ਕੌਰ ਕੋਲ ਨਾਮਜ਼ਦਗੀ ਦਾਖ਼ਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਨੇ ਕਿਹਾ ਕਿ ਲੰਬੀ ਵਿੱਚ ਉਨ੍ਹਾਂ ਦਾ ਮੁਕਾਬਲਾ ਕਿਸੇ ਨਾਲ ਨਹੀਂ ਹੈ ਅਤੇ ਉਹ ਬਹੁਮਤ ਨਾਲ ਜਿੱਤ ਦਰਜ ਕਰਨਗੇ। ਮਿਲੀ ਜਾਣਕਾਰੀ ਅਨੁਸਾਰ 95 ਸਾਲਾ ਸ੍ਰੀ ਬਾਦਲ ਪੰਜਾਬ ਵਿੱਚ ਸਭ ਤੋਂ ਵਡੇਰੀ ਉਮਰ ਦੇ ਉਮੀਦਵਾਰ ਹਨ। 1997 ਤੋਂ ਲੰਬੀ ਹਲਕੇ ਤੋਂ ਸ੍ਰੀ ਬਾਦਲ ਦੀ ਵਿਧਾਇਕੀ ਬਰਕਰਾਰ ਚੱਲੀ ਆ ਰਹੀ ਹੈ। ਸ੍ਰੀ ਬਾਦਲ ਨੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਪੱਤਰ ਦੇ ਤਿੰਨ ਸੈੱਟ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਮੇਜਰ ਭੁਪਿੰਦਰ ਸਿੰਘ ਢਿੱਲੋਂ, ਲਾਲੀ ਬਾਦਲ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਗੁਰਮੀਤ ਸਿੰਘ ਮਾਨ ਵਕੀਲ ਵੀ ਹਾਜ਼ਰ ਸਨ। ਹਲਕਾ ਲੰਬੀ ਤੋਂ ਕਾਂਗਰਸ ਵੱਲੋਂ ਜਗਪਾਲ ਅਬੁੱਲਖੁਰਾਣਾ ਅਤੇ ‘ਆਪ’ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਪਹਿਲਾਂ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਚੁੱਕੇ ਹਨ।