ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ’ਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਲੁਕਵੀਂ ਮਦਦ ਕਰਨ ਦੇ ਦੋਸ਼ ਲਾਏ ਹਨ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਜੀਲੈਂਸ ਬਿਊਰੋ ਵੱਲੋਂ ਸੁਮੇਧ ਸੈਣੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਕੀਤੇ ਗਏ ਕੇਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਮਾਮਲੇ ਦੀ ਹੋਈ ਸੁਣਵਾਈ ਦਾ ਇਕ ਵੀਡੀਓ ਜਨਤਕ ਕੀਤਾ ਹੈ। ਉਨ੍ਹਾਂ ਵੀਡੀਓ ਵਿੱਚ ਦੋਸ਼ ਲਾਇਆ ਕਿ ਸਰਕਾਰੀ ਵਕੀਲ, ਸੁਮੇਧ ਸੈਣੀ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕਰਨ ਦੀ ਬਜਾਏ ਮਦਦ ਕਰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਸਰਕਾਰੀ ਵਕੀਲ ਦੁਆਰਾ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਕੋਈ ਵਿਰੋਧ ਨਾ ਜਤਾਏ ਜਾਣ ਕਾਰਨ ਹੀ ਉਸ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲੀ ਹੈ।