ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਕਤੂਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਐੱਸਸੀ ਵਿਦਿਆਰਥੀਆਂ ਦੇ ਪੋਸਟ ਮੈਟਰਿਕ ਸਕਾਲਰਸ਼ਿਪ ’ਚ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਵਾਲਿਆਂ ਨੂੰ ਬਚਾਉਣ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦੇ ਸਮਾਜ ਭਲਾਈ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੁਝ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਾਉਣ ਦੀ ਕਾਰਵਾਈ ਸਿਰਫ਼ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਯਤਨ ਹੈ। ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੰਤਰੀ ਮੰਡਲ ਦੇ ਗਠਨ ਤੋਂ ਬਾਅਦ ਨਵੇਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਵਜ਼ੀਫ਼ਾ ਘੁਟਾਲਾ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਮੰਤਰੀ ਵੀ ਅਸਲ ਕਾਰਵਾਈ ਕਰਨ ਤੋਂ ਪਿੱਛੇ ਹਟ ਗਏ ਹਨ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਨਾ ਮਿਲਣ ਕਾਰਨ 2 ਲੱਖ ਤੋਂ ਵੱਧ ਐੱਸਸੀ ਵਰਗ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਦੂਰ ਹੋਣਾ ਪਿਆ ਸੀ। ਉਸ ਸਮੇਂ ਸੀਨੀਅਰ ਅਧਿਕਾਰੀਆਂ ਨੇ ਵਜ਼ੀਫ਼ਾ ਫੰਡਾਂ ’ਚ ਹੇਰਾਫੇਰੀਆਂ ਦੀ ਰਿਪੋਰਟ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਸੀ ਪਰ ਕੈਪਟਨ ਨੇ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ। ‘ਆਪ’ ਆਗੂ ਨੇ ਮੰਗ ਕੀਤੀ ਕਿ ਸਕਾਲਰਸ਼ਿਪ ’ਚ ਘੁਟਾਲਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪਾਰਟੀ ਵੱਲੋਂ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।