ਬਲਜੀਤ ਸਿੰਘ
ਸਰਦੂਲਗੜ੍ਹ, 2 ਨਵੰਬਰ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਅੱਗੇ ਝੁਕਦਿਆਂ ਅੱਧਾ ਪੰਜਾਬ ਬੀਐੱਸਐੱਫ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਕਾਂਗਰਸ ਦੀ ਡੁੱਬਦੀ ਬੇੜੀ ਬਚਾਉਣ ਲਈ ਤਰ੍ਹਾਂ-ਤਰ੍ਹਾਂ ਦੇ ਝੂਠੇ ਐਲਾਨ ਕਰ ਕੇ ਕੈਪਟਨ ਵਾਂਗ ਵੋਟਾਂ ਬਟੋਰਨੀਆਂ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਉਹ ਅੱਜ ਇਥੇ ‘ਨੰਨ੍ਹੀ ਛਾਂ’ ਮੁਹਿੰਮ ਤਹਿਤ ਪੰਜਾਬ ਪਬਲਿਕ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਸਮਾਗਮ ਵਿਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ‘ਆਪ’ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ 16-17 ਵਿਧਾਇਕਾਂ ਨੂੰ ਨਹੀਂ ਸਾਂਭ ਸਕੀ ਤਾਂ ਉਹ ਪੰਜਾਬ ਦਾ ਕੀ ਭਲਾ ਕਰੇਗੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਇਕ ਲੱਖ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਤੇ 10 ਲੱਖ ਲੋਕਾਂ ਨੂੰ ਗੈਰ-ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਭੀਖੀ (ਕਰਨ ਭੀਖੀ): ਇਸੇ ਦੌਰਾਨ ਨੇੜਲੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਟਿਕਰੀ ਬਾਰਡਰ ’ਤੇ ਸ਼ਹੀਦ ਹੋਈਆਂ ਬੀਬੀਆਂ ਗੁਰਮੇਲ ਕੌਰ, ਅਮਰਜੀਤ ਕੌਰ ਅਤੇ ਸੁਖਵਿੰਦਰ ਕੌਰ ਦੇ ਪਰਿਵਾਰਕ ਨਾਲ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੁੱਖ ਸਾਂਝਾ ਕੀਤਾ। ਇਸੇ ਦੌਰਾਨ ਜੋ ਬੀਬੀਆਂ ਹਾਦਸੇ ਵਿੱਚ ਜ਼ਖ਼ਮੀ ਹੋ ਗਈਆਂ ਸਨ, ਦੇ ਘਰ ਵੀ ਹਾਜ਼ਰੀ ਲਵਾਈ। ਉਨ੍ਹਾਂ ਪੀੜਤ ਪਰਿਵਾਰਾਂ ਲਈ ਦਸ-ਦਸ ਲੱਖ ਮੁਆਵਜ਼ੇ ਦੀ ਮੰਗ ਕੀਤੀ।