ਜਸਬੀਰ ਸਿੰਘ ਚਾਨਾ/ਪਾਲ ਸਿੰਘ ਨੌਲੀ
ਫਗਵਾੜਾ/ਜਲੰਧਰ, 4 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਸੂਬੇ ਦੇ ਨੌਜਵਾਨਾਂ ਲਈ ‘ਪੰਜਾਬ ਰੁਜ਼ਗਾਰ ਗਾਰੰਟੀ ਯੋਜਨਾ 2022’ ਦੀ ਸ਼ੁਰੂਆਤ ਕੀਤੀ। ਇਸ ਗਾਰੰਟੀ ਸਕੀਮ ਤਹਿਤ ਇੱਕ ਸਾਲ ਦੌਰਾਨ ਇੱਕ ਲੱਖ ਨੌਕਰੀਆਂਂ ਦਿੱਤੀਆਂ ਜਾਣਗੀਆਂਂ। ਉਨ੍ਹਾਂ ਕਿਹਾ ਕਿ 12ਵੀਂ ਪਾਸ ਨੌਜਵਾਨ ਇਸ ਯੋਜਨਾ ਤਹਿਤ ਨੌਕਰੀ ਲਈ ਯੋਗ ਹੋਣਗੇ। ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਏਜੰਟਾਂ ਦੇ ਚੁੰਗਲ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਲਈ ਸਹਾਇਤਾ ਦੇਣ ਦੇ ਮੰਤਵ ਨਾਲ ਆਈਲੈਟਸ, ਟੌਫ਼ਲ, ਪੀ.ਟੀ.ਈ. ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚਾਰ ਯੂਨੀਵਰਸਿਟੀਆਂਂ ਵਿੱਚ ਸਟਾਰਟ-ਅਪ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਲੋਂ ਸੂਬੇ ਦੇ ਨਾਲ-ਨਾਲ ਵਿਦੇਸ਼ਾਂ ਦੀ ਤਰੱਕੀ ਵਿਚ ਵੀ ਅਹਿਮ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਵਿਦੇਸ਼ ਪੜ੍ਹਾਈ ਲਈ ਵਿਆਜ ਮੁਕਤ ਕਰਜ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਉਦਯੋਗਿਕ ਘਰਾਣਿਆਂ ਨੂੰ ਕਿਹਾ ਕਿ ਉਹ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਜਿਸ ਲਈ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਸਿਖਲਾਈ ਦੇ ਕੇ ਨੌਕਰੀਆਂ ਦੇ ਯੋਗ ਬਣਾਇਆ ਜਾਵੇਗਾ। ਉਨ੍ਹਾਂ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਜਜ਼ਬਾਤੀ ਸਾਂਝ ਪਾਉਂਦਿਆਂ ਕਿਹਾ, ‘‘ਮੈਂ ਵੀ ਬਹੁਤ ਔਖਾ ਸਮਾਂ ਆਪਣੇ ਪਿੰਡੇ ’ਤੇ ਹੰਢਾਇਆ ਹੈ, ਜਿਸ ਕਰਕੇ ਮੈਨੂੰ ਨੌਜਵਾਨਾਂ ਦੀਆਂਂ ਸਮੱਸਿਆਵਾਂ ਬਾਰੇ ਪੂਰੀ ਜਾਣਕਾਰੀ ਹੈ।’’ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂਂ ਮੁੱਖ ਮੰਤਰੀ ਨੂੰ ਜੀ ਆਇਆਂ ਕਿਹਾ ਗਿਆ।
ਇਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜ਼ਗਾਰ ਮੰਤਰੀ ਰਾਣਾ ਗੁਰਜੀਤ ਸਿੰਘ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਅਮਨਦੀਪ ਸਿੰਘ ਗੋਰਾ ਗਿੱਲ, ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦਲਜੀਤ ਰਾਜੂ, ਜ਼ਿਲ੍ਹਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ।