ਜਗਜੀਤ ਸਿੰਘ ਸਿੱਧੂ/ਬਲਜੀਤ ਸਿੰਘ
ਤਲਵੰਡੀ ਸਾਬੋ/ਸਰਦੂਲਗੜ੍ਹ, 25 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਕਾਰਨ ਵੱਡੀ ਪੱਧਰ ’ਤੇ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭੰਗੜਾ ਪਾਉਣ ਦੀ ਥਾਂ ਇਸ ਇਲਾਕੇ ਵਿੱਚ ਆ ਕੇ ਨਰਮਾ ਕਾਸ਼ਤਕਾਰਾਂ ਦੇ ਦੁੱਖੜੇ ਸੁਣਨ ਅਤੇ ਉਨ੍ਹਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰਨ।
ਸੁਖਬੀਰ ਸਿੰਘ ਬਾਦਲ ਨੇ ਅੱਜ ਸੇਖੂ, ਜੱਜਲ, ਤਲਵੰਡੀ ਸਾਬੋ ਅਤੇ ਜਗ੍ਹਾ ਰਾਮ ਤੀਰਥ ਸਮੇਤ ਕਈ ਪਿੰਡਾਂ ਵਿੱਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ। ਇਸ ਮਗਰੋਂ ਉਹ ਹਲਕਾ ਸਰਦੂਲਗੜ੍ਹ ਦੇ ਪਿੰਡ ਝੰਡਾ ਖੁਰਦ, ਝੰਡਾ ਕਲਾਂ ਅਤੇ ਮਾਨਖੇੜਾ ਗਏ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕੁਰਸੀ ਦੀ ਲੜਾਈ ਲਈ ਕਿੰਨੇ ਮਹੀਨੇ ਖਰਾਬ ਕਰ ਦਿੱਤੇ ਤੇ ਰਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਹੁਣ ਨਵੀਂ ਸਰਕਾਰ ਕੈਬਨਿਟ ਮੰਤਰੀ ਬਣਾਉਣ ਵਿੱਚ ਰੁੱਝ ਗਈ ਹੈ। ਉਨ੍ਹਾਂ ਕਿਹਾ ਕਿ ਮਾਲਵੇ ਵਿੱਚ 80 ਤੋਂ 90 ਫ਼ੀਸਦੀ ਨਰਮੇ ਦੀ ਫ਼ਸਲ ਖਰਾਬ ਹੋ ਗਈ ਹੈ ਪਰ ਸਰਕਾਰੀ ਨੁਮਾਇੰਦਿਆਂ ਜਾਂ ਅਫਸਰਸ਼ਾਹੀ ਕੋਲ ਕਿਸਾਨਾਂ ਦੀ ਸਾਰ ਲੈਣ ਦਾ ਸਮਾਂ ਹੀ ਨਹੀਂ। ਉਨ੍ਹਾਂ ਕਿਹਾ ਕਿ ਨਰਮੇ ਦੇ ਖਰਾਬੇ ਦਾ ਵੱਡਾ ਕਾਰਨ ਘਟੀਆ ਕੁਆਲਿਟੀ ਦੇ ਬੀਜ ਤੇ ਨਕਲੀ ਕੀੜੇਮਾਰ ਦਵਾਈਆਂ ਹਨ। ਉਨ੍ਹਾਂ ਜਿੱਥੇ ਪੰਜਾਬ ਸਰਕਾਰ ਤੋਂ ਬੀਜ ਕੰਪਨੀਆਂ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਦੀ ਮੰਗ ਕੀਤੀ ਉੱਥੇ ਹੀ ਨੁਕਸਾਨੀ ਫ਼ਸਲ ਦਾ ਪੰਜਾਹ ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਖੇਤ ਮਜ਼ਦੂਰ ਵੀ ਪ੍ਰਭਾਵਿਤ ਹੋਣਗੇ, ਇਸ ਲਈ ਉਨ੍ਹਾਂ ਨੂੰ ਵੀ 15 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਸੰਘਾ (ਦਲਜੀਤ ਸਿੰਘ ਸੰਧੂ): ਇੱਥੋਂ ਨੇੜਲੇ ਪਿੰਡ ਮਾਨਖੇੜਾ, ਝੰਡਾ ਕਲਾਂ ਅਤੇ ਝੰਡਾ ਖੁਰਦ ਦੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਾਂ ਦਾ ਸੁਖਬੀਰ ਬਾਦਲ ਨੇ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਆਪਸੀ ਮੱਤਭੇਦ ਭੁਲਾ ਕੇ ਪੀੜਤ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ।
ਮੁਆਵਜ਼ਾ ਨਾ ਮਿਲਣ ’ਤੇ 3 ਨੂੰ ਰੋਸ ਪ੍ਰਦਰਸ਼ਨ ਦਾ ਐਲਾਨ
ਬਠਿੰਡਾ (ਮਨੋਜ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦਿਹਾਤੀ, ਤਲਵੰਡੀ ਸਾਬੋ ਤੇ ਸਰਦੂਲਗੜ੍ਹ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਦਾ ਦੌਰਾ ਕਰਨ ਮਗਰੋਂ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ ਅਕਾਲੀ ਦਲ 3 ਅਕਤੂਬਰ ਨੂੰ ਬਠਿੰਡਾ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੇ ਕਿਸਾਨਾਂ ਵਾਸਤੇ ਸਾਰੀਆਂ ਫ਼ਸਲਾਂ ਦੇ ਬੀਮੇ ਦੀ ਸਕੀਮ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨਾਂ ਨੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਜੇਕਰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਮੇਂ ਸਿਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਅਗਲੀ ਫਸਲ ਬੀਜਣ ਦੀ ਸਥਿਤੀ ਵਿੱਚ ਨਹੀਂ ਰਹਿਣਗੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਯੂਨੀਵਰਸਿਟੀ ਦਾ ਕੋਈ ਵੀ ਮਾਹਿਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਕੋਈ ਵੀ ਨੁਮਾਇੰਦਾ ਫ਼ਸਲ ਦਾ ਜਾਇਜ਼ਾ ਲੈਣ ਵਾਸਤੇ ਨਹੀਂ ਆਇਆ।
‘ਆਪ’ ਨੇ ਨਰਮੇ ਦੇ ਬੀਜਾਂ ਤੇ ਕੀਟਨਾਸ਼ਕ ਦਵਾਈਆਂ ਦੀ ਜਾਂਚ ਮੰਗੀ
ਬਠਿੰਡਾ/ਬੋਹਾ (ਸ਼ਗਨ ਕਟਾਰੀਆ/ ਨਿਰੰਜਣ ਬੋਹਾ): ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਅੱਜ ਮਾਲਵੇ ਦੀ ਨਰਮਾ ਪੱਟੀ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ। ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਪੰਜਾਬ ਦੀ ਪੂਰੀ ਨਰਮਾ ਪੱਟੀ ’ਚ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਫ਼ਸਲ ਦਾ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ ਅਤੇ ਬੀਟੀ ਕਾਟਨ ਦੇ ਬੀਜ ਤੇ ਕੀਟਨਾਸ਼ਕ ਦਵਾਈਆਂ ਦੀਆਂ ਕਿਸਮਾਂ ਦੀ ਹਾਈ ਕੋਰਟ ਦੀ ਨਿਗਰਾਨੀ ਵਿੱਚ ਉੁੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਸਰਕਾਰ ਤੋਂ ਘੱਟ ਤੋਂ ਘੱਟ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਮੁੱਚੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਉਚ ਗੁੱਣਵਤਾ ਵਾਲੀ ਕੀਟਨਾਸ਼ਕ ਦਵਾਈ (ਪੈਸਟੀਸਾਈਡ) ਮੁਫ਼ਤ ਦਿੱਤੀ ਜਾਵੇ। ਦੋਵੇਂ ਆਗੂ ਬਠਿੰਡਾ ਜ਼ਿਲ੍ਹੇ ਦੇ ਕੋਟ ਬਖ਼ਤੂ ਅਤੇ ਕਣਕਵਾਲ ਪਿੰਡਾਂ ਵਿੱਚ ਜਾ ਕੇ ਪੀੜਤ ਕਿਸਾਨਾਂ ਨੂੰ ਮਿਲੇ। ਇਸੇ ਦੌਰਾਨ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਪਿੰਡ ਹਾਕਮਵਾਲਾ ਤੇ ਬੋਹਾ ਵਿੱਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ।