ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਮਈ
ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੰਮਖਾਨਾ ਕਲੱਬ ਦੇ ਮੈਂਬਰਾਂ ਨਾਲ ਸਮਾਂ ਬਿਤਾਇਆ। ਇਸ ਮੌਕੇ ਸਾਬਕਾ ਵਿਧਾਇਕ ਰਾਜਿੰਦਰ ਬੈਰੀ ਅਤੇ ਸਾਬਕਾ ਕੌਂਸਲਰ ਡਾ. ਜਸਲੀਨ ਕੋਰ ਸੇਠੀ ਵੀ ਮੌਜੂਦ ਸਨ। ਇਸ ਦੌਰਾਨ ਚੰਨੀ ਨੇ ਜਿਮਖਾਨਾ ਕਲੱਬ ਦੇ ਖਿਡਾਰੀਆਂ ਨਾਲ ਟੈਨਿਸ ਤੇ ਵਾਲੀਬਾਲ ਵੀ ਖੇਡੀ।
ਸ੍ਰੀ ਚੰਨੀ ਨੇ ਕਲੱਬ ਵਿੱਚ ਚੱਲ ਰਹੀ ਭੰਗੜਾ ਕਲਾਸ ਵਿੱਚ ਵੀ ਹਿੱਸਾ ਲਿਆ ਤੇ ਭੰਗੜਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਮਾਜ ਨੂੰ ਚੰਗੀ ਸੇਧ ਦਿੰਦੀਆਂ ਹਨ ਤੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਲੋਕ ਸਮਾਜ ਭਲਾਈ ਦੇ ਕੰਮ ਵੀ ਵੱਧ ਚੜ੍ਹ ਕੇ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਜਲੰਧਰ ਹਲਕੇ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨਗੇ। ਨਰੋਏ ਸਮਾਜ ਦੀ ਸਿਰਜਣਾ ਲਈ ਖੇਡਾਂ ਅਤੇ ਸੰਗੀਤ ਦਾ ਵੱਡਾ ਯੋਗਦਾਨ ਰਿਹਾ ਹੈ। ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਉਹ ਇਨ੍ਹਾਂ ਗਤੀਵਿਧੀਆਂ ਨੂੰ ਹੋਰ ਵਧਾਉਣ ਲਈ ਕੰਮ ਕਰਨਗੇ ਤੇ ਇਸ ਵਿੱਚ ਬੱਚਿਆਂ ਦੀ ਭਾਗੀਦਾਰੀ ਵਧਾਈ ਜਾਵੇਗੀ।