ਸ਼ਗਨ ਕਟਾਰੀਆ
ਬਠਿੰਡਾ, 8 ਫਰਵਰੀ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਨੇ ਅੱਜ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਰੱਖ ਕੇ ਰਾਹੁਲ ਗਾਂਧੀ ਨੂੰ ਤਿੱਖੇ ਸਵਾਲ ਕੀਤੇ। ਡੇਰਾ ਮੁਖੀ ਦੀ ਪੈਰੋਲ ਨੂੰ ਭਗਵੰਤ ਮਾਨ ਨੇ ਕਾਨੂੰਨੀ ਮਾਮਲਾ ਦੱਸਦਿਆਂ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ।
ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਲੋਕ ਰਾਇ ਦਾ ਹਵਾਲਾ ਦੇ ਕੇ ‘ਗਰੀਬ ਆਦਮੀ’ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ। ਦੋ ਹਲਕਿਆਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਚੰਨੀ ਨੇ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ੀਆ ਬਿਆਨ ’ਚ ਆਪਣੀ 170 ਕਰੋੜ ਰੁਪਏ ਦੀ ਜਾਇਦਾਦ ਦੇ ਵੇਰਵੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀਆਂ ਨਜ਼ਰਾਂ ’ਚ ਸ਼ਾਇਦ ਚੰਨੀ ਇਸ ਲਈ ਗ਼ਰੀਬ ਹੈ ਕਿਉਂਕਿ ਰਾਹੁਲ ਖੁਦ ਅਰਬਾਂ ਰੁਪਏ ਦਾ ਮਾਲਕ ਹੈ। ਉਨ੍ਹਾਂ ਆਖਿਆ ਕਿ ਜਿਸ ਦਾ ਭਾਣਜਾ ਈਡੀ ਵੱਲੋਂ 10 ਕਰੋੜ ਰੁਪਏ ਬਰਾਮਦ ਕੀਤੇ ਜਾਣ ਬਾਰੇ ਖੁਦ ਮੰਨ ਰਿਹਾ ਹੈ, ਉਸ ਬਾਰੇ ਚੰਨੀ ਕਹਿੰਦੇ ਹਨ ਕਿ ਉਨ੍ਹਾਂ ਕੋਲੋਂ ਰਿਸ਼ਤੇਦਾਰਾਂ ’ਤੇ ਨਜ਼ਰ ਨਹੀਂ ਰੱਖੀ ਗਈ। ਉਨ੍ਹਾਂ ਕਿਹਾ ਕਿ ਜਿਹੜਾ ਆਪਣੇ ਰਿਸ਼ਤੇਦਾਰ ’ਤੇ ਨਜ਼ਰ ਨਹੀਂ ਰੱਖ ਸਕਿਆ, ਉਹ ਪੰਜਾਬ ’ਤੇ ਨਜ਼ਰ ਕਿਵੇਂ ਰੱਖੇਗਾ।
ਮਾਨ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਪੰਜ ਸਾਲਾਂ ’ਚ ਦੋ ਭ੍ਰਿਸ਼ਟ ਮੁੱਖ ਮੰਤਰੀ ਦਿੱਤੇ। ਪਹਿਲੇ ਨੇ ਪੌਣੇ ਪੰਜ ਸਾਲਾਂ ਦੌਰਾਨ ਲੋਕਾਂ ਲਈ ਤਾਂ ਦੂਰ ਦੀ ਗੱਲ, ਆਪਣਿਆਂ ਲਈ ਵੀ ਦਰ ਬੰਦ ਰੱਖੇ। ਦੂਜੇ ਦੇ ਭਾਣਜੇ ਨੇ ਮੰਨ ਲਿਆ ਕਿ ਉਸ ਕੋਲੋਂ ਬਰਾਮਦ ਹੋਏ 10 ਕਰੋੜ ਰੁਪਏ ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਦੇ ਸਨ। ਚੋਣਾਂ ਲੜ ਰਹੇ ਕਰੀਬ ਪੌਣੇ ਦੋ ਸੌ ਉਮੀਦਵਾਰਾਂ ’ਤੇ ਅਪਰਾਧਕ ਮਾਮਲੇ ਦਰਜ ਹੋਣ ਬਾਰੇ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕੇਸ ਝੂਠੇ ਅਤੇ ਸਿਆਸਤ ਤੋਂ ਪ੍ਰੇਰਿਤ ਹਨ। ਇਸ ਮੌਕੇ ਬਠਿੰਡਾ (ਸ਼ਹਿਰੀ) ਹਲਕੇ ਤੋਂ ‘ਆਪ’ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਆਗੂ ਅੰਮ੍ਰਿਤ ਅਗਰਵਾਲ ਤੇ ਰਾਕੇਸ਼ ਪੁਰੀ ਹਾਜ਼ਰ ਸਨ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪਿਛਲੇ ਇੱਕ ਦਹਾਕੇ ਤੋਂ ਰੁਜ਼ਗਾਰ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਪਰ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਝੂਠੇ ਵਾਅਦਿਆਂ ਤੋਂ ਸਿਵਾਏ ਹੋਰ ਕੁਝ ਨਹੀਂ ਦਿੱਤਾ। ਜੀਵਨ ਤੋਂ ਨਿਰਾਸ਼ ਹੋ ਕੇ ਲੱਖਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ। ਇਸ ਮੌਕੇ ਉਨ੍ਹਾਂ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਰਜਨੀਸ਼ ਦਹੀਆ, ਫ਼ਿਰੋਜ਼ਪੁਰ ਸ਼ਹਿਰੀ ਤੋਂ ਰਣਵੀਰ ਭੁੱਲਰ ਅਤੇ ਗੁਰੂ ਹਰਸਹਾਏ ਤੋਂ ਉਮੀਦਵਾਰ ਫੌਜਾ ਸਿੰਘ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਫ਼ਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸੇਖੋਂ ਦੇ ਹੱਕ ਵਿਚ ਰੋਡ ਸ਼ੋਅ
ਫ਼ਰੀਦਕੋਟ (ਜਸਵੰਤ ਜੱਸ): ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਰੋਡ ਸ਼ੋਅ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਦੌਰਾਨ ਹੋਏ ਘਪਲਿਆਂ ਦੀ ਉੱਚ ਪੱਧਰੀ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਨੂੰ ਕਰਜ਼ਾ ਮੁਕਤ ਕਰਵਾਏਗੀ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਹਰ ਹਾਲਤ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਇਹ ਰੋਡ ਸ਼ੋਅ ਫ਼ਰੀਦਕੋਟ, ਮਚਾਕੀ, ਮਹਿਮੂਆਣਾ, ਸਾਦਿਕ ਅਤੇ ਦੀਪ ਸਿੰਘ ਵਾਲਾ ਆਦਿ ਕਸਬਿਆਂ ’ਚੋਂ ਗੁਜ਼ਰਿਆ।
ਕਾਂਗਰਸ, ਭਾਜਪਾ ਤੇ ਅਕਾਲੀ ਦਲ ਰਲ ਕੇ ਲੜ ਰਹੇ ਨੇ ਚੋਣਾਂ: ਮਾਨ
ਚੰਡੀਗੜ੍ਹ (ਟਨਸ): ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਉੱਠੀ ਸੱਤਾ ਤਬਦੀਲੀ ਦੀ ਲੋਕ ਲਹਿਰ ਨੂੰ ਰੋਕਣ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਬਾਦਲ ਰਲ ਕੇ ਚੋਣਾਂ ਲੜ ਰਹੇ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਨ੍ਹਾਂ ਪਾਰਟੀਆਂ ਦੇ ਗੱਠਜੋੜ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਮਾਨ ਨੇ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਲੋਕ ਰਾਜਸੀ ਤੌਰ ’ਤੇ ਜਾਗਰੂਕ ਅਤੇ ਲਾਮਬੰਦ ਹੋ ਗਏ ਹਨ। ਉਨ੍ਹਾਂ ਰਵਾਇਤੀ ਸਿਆਸੀਆਂ ਪਾਰਟੀਆਂ ਤੋਂ ਨਿਜਾਤ ਪਾਉਣ ਲਈ ‘ਆਪ’ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ।