ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਜਨਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਬਕਾ ਓਐੱਸਡੀ ਐਡਵੋਕੇਟ ਅਵਤਾਰ ਸਿੰਘ ਸਿੱਧੂ ਸਮੇਤ ਉਨ੍ਹਾਂ ਦੇ ਸਾਥੀਆਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹ ਕਈ ਵਾਰ ਮੁਹਾਲੀ ਅਤੇ ਖਰੜ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਸਿੱਧੂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਅੱਜ ਤੋਂ ਹੀ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਵਿੱਚ ਜੁਟਣ ਦੀ ਅਪੀਲ ਕੀਤੀ। ਇਸ ਮੌਕੇ ਸੁਖਬੀਰ ਨੇ ਕਿਹਾ ਕਿ ਪੰਜਾਬ ’ਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਹੱਕ ’ਚ ਹਵਾ ਚੱਲ ਰਹੀ ਹੈ। ਆਮ ਆਦਮੀ ਪਾਰਟੀ ਪੇਡ ਸਰਵੇਖਣ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੀ ਇੱਕੋ-ਇੱਕ ਖੇਤਰੀ ਪਾਰਟੀ ਹੈ ਜਦਕਿ ਬਾਕੀ ਕਾਂਗਰਸ, ਭਾਜਪਾ ਅਤੇ ‘ਆਪ’ ਦੇ ਸਥਾਨਕ ਆਗੂਆਂ ਨੂੰ ਕੋਈ ਵੀ ਫ਼ੈਸਲਾ ਲੈਣ ਲਈ ਦਿੱਲੀ ਬੈਠੇ ਆਗੂਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਾਸ ਕਰਕੇ ਚੰਨੀ, ਸਿੱਧੂ ਤੇ ਰੰਧਾਵਾ ਮਿਲ ਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾ ਕੇ ਪਾਰਟੀ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਪਰ ਮਜੀਠੀਆ ਸ਼ਾਨਦਾਰ ਜਿੱਤ ਹਾਸਲ ਕਰਨਗੇ। ਇਸ ਮੌਕੇ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਜਾ ਰਿਹਾ ਹੈ।