ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਦਸੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਪੋਰਟ ਕਾਰਡ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸੁਆਲ ਕੀਤੇ ਹਨ ਕਿ ਚੰਨੀ ਹੁਣ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਦਾ ਜੁਆਬ ਦੇਣ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਦੀ ਸਿਰਫ਼ ਇਕ ਤਸਵੀਰ ਬਦਲੀ ਹੈ ਜੋ ਕੈਪਟਨ ਅਮਰਿੰਦਰ ਸਿੰਘ ਦੀ ਸੀ। ਚੀਮਾ ਨੇ ਚੰਨੀ ਨੂੰ ਆਖਿਆ ਕਿ ਉਹ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਦਾ ਦੋਸ਼ ਪਿਛਲੇ ਮੁੱਖ ਮੰਤਰੀ ਸਿਰ ਮੜ੍ਹ ਕੇ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਣ। ਲੋਕ 90 ਹਜ਼ਾਰ ਕਰੋੜ ਰੁਪਏ ਦੀ ਕਿਸਾਨੀ ਕਰਜ਼ਾ ਮੁਆਫ਼ੀ ਦੇ ਵਾਅਦੇ ਦਾ ਹਿਸਾਬ ਦਿੱਤੇ ਜਾਣ ਦੀ ਉਡੀਕ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਤੁਸੀਂ ਇਸ ਦੀ ਜ਼ਿੰਮੇਵਾਰੀ ਕੇਂਦਰ ਸਿਰ ਪਾ ਕੇ ਆਪਣੇ ਹੱਥ ਨਹੀਂ ਝਾੜ ਸਕਦੇ।