ਸੰਜੀਵ ਬੱਬੀ
ਚਮਕੌਰ ਸਾਹਿਬ, 11 ਮਈ
ਪੰਜਾਬ ਦੀ ਆਪ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਬਣਨ ਵਾਲੀਆਂ ਡਿਸਪੈਂਸਰੀਆਂ ਅਤੇ ਮੁਰੰਮਤ ਤੇ ਨਵੀਨੀਕਰਨ ਵਾਲੀਆਂ ਡਿਸਪੈਂਸਰੀਆਂ ਲਈ 857 ਲੱਖ ਦੀ ਜੋ ਰਾਸ਼ੀ ਐਲਾਨ ਕੀਤੀ ਸੀ ਉਸ ਵਿੱਚੋਂ ਵੱਡੀ ਰਾਸ਼ੀ ਸਰਕਾਰ ਨੇ ਜਾਰੀ ਕਰ ਦਿੱਤੀ ਹੈ।ਇਹ ਪ੍ਰਗਟਾਵਾ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਬਲਾਕ ਖਰੜ, ਰੂਪਨਗਰ ਅਤੇ ਚਮਕੌਰ ਸਾਹਿਬ ਦੇ ਪਿੰਡਾਂ ਦੇ ਕਸਬਿਆਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਨਵੀਆਂ ਡਿਸਪੈਂਸਰੀਆਂ ਤੇ ਸਿਵਲ ਹਸਪਤਾਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਨਵੀਨਕਰਨ ਲਈ 857 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ 3 ਨਵੰਬਰ 2021 ਨੂੰ ਮੁੱਖ ਮੰਤਰੀ ਕੋਵਿਡ 19 ਫੰਡ ਵਿੱਚੋਂ ਇਸ ਰਾਸ਼ੀ ਦਾ ਚੈੱਕ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਦੇ ਨਾਮ ’ਤੇ ਜਾਰੀ ਕੀਤਾ ਗਿਆ ਸੀ। ਸ੍ਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ 710.31 ਲੱਖ ਰੁਪਏ ਦੀ ਰਾਸ਼ੀ ਕਾਰਜਕਾਰੀ ਇੰਜਨੀਅਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਾਮ ਤਬਦੀਲ ਕਰ ਦਿੱਤੀ ਹੈ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਸਾਰੀਆਂ ਡਿਸਪੈਂਸਰੀਆਂ ਤੇ ਹਸਪਤਾਲਾਂ ਦੇ ਕੰਮਾਂ ਲਈ ਜਲਦੀ ਹੀ ਟੈਂਡਰ ਲੱਗ ਜਾਣਗੇ ਅਤੇ ਤੁਰੰਤ ਕੰਮ ਵੀ ਸ਼ੁਰੂ ਹੋ ਜਾਵੇਗਾ।