ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਕਤੂਬਰ
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਸਬੰਧੀ ਮੀਟਿੰਗ ਸੱਦਣ ਦੀ ਥਾਂ ਨਸ਼ਾ ਤਸਕਰੀ ਰੋਕਣ ਵਿਚ ਨਾਕਾਮ ਰਹਿਣ ਦੇ ਮੁੱਦੇ ’ਤੇ ਮੀਟਿੰਗ ਕਰਨ ਦੀ ਮੰਗ ਕੀਤੀ ਹੈ। ਸ੍ਰੀ ਕਾਲੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਨਸ਼ੇ ਰੋਕਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਪੰਜਾਬ ’ਚੋਂ ਨਸ਼ੇ ਰੋਕਣ ਦੀ ਸਹੁੰ ਖਾਧੀ ਸੀ ਪਰ ਚੋਣਾਂ ਜਿੱਤਣ ਮਗਰੋਂ ਵੀ ਉਨ੍ਹਾਂ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ, ਇਸ ਵਾਸਤੇ ਇਸ ਮੁੱਦੇ ’ਤੇ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 2007 ਤੋਂ 2017 ਤੱਕ ਗ੍ਰਹਿ ਮੰਤਰੀ ਰਹਿਣ ਦੇ ਬਾਵਜੂਦ ਨਸ਼ਿਆਂ ਦੀ ਜਾਂਚ ਵਿਚ ਨਾਕਾਮ ਰਹਿਣ ’ਤੇ ਵੀ ਚਰਚਾ ਕੀਤੀ ਜਾਣੀ ਚਾਹੀਦੀ ਹੈ। ਉੁਨ੍ਹਾਂ ਕਿਹਾ ਕਿ ਕੇਂਦਰ ਦੀ ਐੱਨਡੀਏ ਸਰਕਾਰ ਨੇ ਬੀਐੱਸਐੱਫ ਐਕਟ 1968 ਤਹਿਤ ਅਪ੍ਰੇਸ਼ਨ ਦਾ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਹੈ, ਜੋ ਕੇਂਦਰ ਵਿੱਚ ਤਤਕਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਪਾਸ ਕੀਤਾ ਗਿਆ ਸੀ। ਉਨ੍ਹਾਂ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਦੇ ਬੀਐੱਸਐੱਫ ਦਾ ਅਧਿਕਾਰ ਖੇਤਰ ਦਾ ਵਧਾਉਣ ਦੇ ਫ਼ੈਸਲੇ ਸਬੰਧੀ ਸ਼ਲਾਘਾ ਮਤਾ ਪਾਸ ਕਰਨ।