ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਜਨਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਵੱਲੋਂ ਮਾਰੇ ਛਾਪੇ ਦੌਰਾਨ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਣ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੋਲੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿਚ ਕਾਂਗਰਸ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਮਿਲੀ ਨਕਦੀ ਰੇਤ ਮਾਫੀਆ ਕਾਰੋਬਾਰ ਨਾਲ ਸਬੰਧਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਮੁੱਖ ਮੰਤਰੀ ਦੀ ਰਿਹਾਇਸ਼ ਦੀ ਵੀ ਜਾਂਚ ਕੀਤੀ ਜਾਵੇ ਤਾਂ ਹੋਰ ਨਕਦੀ ਬਰਾਮਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੀ ਰੇਤ ਮਾਫੀਆ ਚਲਾ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਸੁਖਬੀਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੂੰ ਜਦੋਂ ਮੁੱਖ ਮੰਤਰੀ ਦੇ ਚਿਹਰੇ ਲਈ ਸੂਬੇ ’ਚੋਂ ਕੋਈ ਚੰਗਾ ਆਗੂ ਨਹੀਂ ਮਿਲਿਆ ਤਾਂ ਉਨ੍ਹਾਂ ਚਲਾਕੀ ਨਾਲ ਭਗਵੰਤ ਮਾਨ ਨੂੰ ਉਮੀਦਵਾਰ ਬਣਾ ਦਿੱਤਾ ਹੈ। ਉਨ੍ਹਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਵਿਚ ਵੀ ਆਮ ਆਦਮੀ ਪਾਰਟੀ ਨੂੰ ਸਿੱਖ ਵਿਰੋਧੀ ਕਰਾਰ ਦਿੱਤਾ। ਇਸ ਦੌਰਾਨ ਅੰਮ੍ਰਿਤਸਰ ਦੇ ਤਿੰਨ ਕਾਂਗਰਸੀ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ, ਜਸਬੀਰ ਸਿੰਘ ਨਿਜ਼ਾਮਪੁਰ ਤੇ ਅਸ਼ਵਨੀ ਕੁਮਾਰ, ਗੁਰਦਾਸਪੁਰ ਤੋਂ ਲੇਬਰ ਫੈੱਡ ਦੇ ਚੇਅਰਮੈਨ ਜਗਤਾਰ ਸਿੰਘ ਗੋਸਲ, ਡੇਰਾ ਬਾਬਾ ਨਾਨਕ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਸਾਬਕਾ ਬਲਾਕ ਸਮਿਤੀ ਮੈਂਬਰ ਸਮੇਤ ‘ਆਪ’ ਦੀ ਮਹਿਲਾ ਵਿੰਗ ਦੀ ਪ੍ਰਧਾਨ ਰਿਤੂ ਸਹੋਤਾ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਪਿੰਡ ਰਣੀਆਂ ਵਿੱਚ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਜੇ ਈਡੀ ਨੇ ਚੰਨੀ ਦੇ ਘਰ ਛਾਪਾ ਮਾਰਿਆ ਹੁੰਦਾ ਤਾਂ ਸੌ ਕਰੋੜ ਰੁਪਏ ਬਰਾਮਦ ਹੋਣੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਖੁਫ਼ੀਆ ਤੰਤਰ ਨੇ ਚੰਨੀ ਨੂੰ ਪਹਿਲਾਂ ਹੀ ਸੂਚਨਾ ਦੇ ਦਿੱਤੀ ਸੀ। ਸੁਖਬੀਰ ਅੱਜ ਪਿੰਡ ਰਣੀਆਂ ਵਿੱਚ ਹਰਿੰਦਰ ਸਿੰਘ ਰਣੀਆਂ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਸਨ। ਇਸ ਮੌਕੇ ਉਨ੍ਹਾਂ ਮਰਹੂਮ ਹਰਿੰਦਰ ਸਿੰਘ ਰਣੀਆਂ ਦੇ ਭਰਾ ਟਰੱਕ ਯੂਨੀਅਨ ਪ੍ਰਧਾਨ ਦਵਿੰਦਰ ਸਿੰਘ ਰਣੀਆਂ ਨੂੰ ਕਾਂਗਰਸ ਤੋਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਕੀਤਾ।
ਸੁਖਬੀਰ ਵੱਲੋਂ 80 ਸੀਟਾਂ ਜਿੱਤਣ ਦਾ ਦਾਅਵਾ
ਤਰਨ ਤਾਰਨ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿੱਚ 80 ਸੀਟਾਂ ਜਿੱਤ ਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਤੰਗ ਆਏ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਇਸ ਮੌਕੇ ਕਾਂਗਰਸ ਦੇ ਸਕੱਤਰ ਗੁਰਮਿੰਦਰ ਸਿੰਘ ਰਟੌਲ ਸਮੇਤ ਕਈ ਹੋਰ ਸੀਨੀਅਰ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸੁਖਬੀਰ ਨੇ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਗੁਰਮਿੰਦਰ ਸਿੰਘ ਨੂੰ ਪਾਰਟੀ ਦਾ ਜਨਰਲ ਸਕੱਤਰ, ਵਿਜੈ ਪਾਲ ਚੌਧਰੀ ਤੇ ਜਗਦੀਸ਼ ਕੁਮਾਰ ਨੂੰ ਮੀਤ ਪ੍ਰਧਾਨ ਅਤੇ ਅਨੀਤਾ ਵਰਮਾ ਨੂੰ ਪਾਰਟੀ ਦੇ ਮਹਿਲਾ ਵਿੰਗ ਦਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ|