ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ’ਤੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਸੱਤਾ ’ਤੇ ਕਾਬਜ਼ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲੋਕਾਂ ਨੂੰ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦੇਣ ਦੇ ਝੂਠੇ ਚੋਣ ਐਲਾਨ ਦਾ ਨੋਟਿਸ ਲੈਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਿਆਨ ਆਪਣੇ-ਆਪ ਵਿੱਚ ਹੀ ਹਾਸੋਹੀਣਾ ਹੈ ਕਿਉਂਕਿ ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਅਜੇ ਤੱਕ ਇੱਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅੱਜ ਤੋਂ ਪਹਿਲਾਂ ਵੀ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸੁਨਹਿਰੀ ਸੁਪਨੇ ਦਿਖਾਏ ਅਤੇ ਪੰਜਾਬ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਵੇਲੇ ਮੁਫ਼ਤ ਬਿਜਲੀ ਦੀ ਨਹੀਂ, ਸਗੋਂ 24 ਘੰਟੇ ਅਤੇ ਸਸਤੀ ਬਿਜਲੀ ਦੀ ਲੋੜ ਹੈ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਇਹ ਲੋੜ ਪੂਰੀ ਕੀਤੀ ਜਾਵੇਗੀ।