ਚੀਮਾ ਵੱਲੋਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਵਿੱਤ ਮੰਤਰੀ ਨੇ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈਟੀਟੀ, ਟੀਈਟੀ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏਆਈਈ ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀਐੱਸਟੀ/ਸੀਟੀਐੱਸ ਕੰਟਰੈਕਟ ਇੰਸਟਰੱਕਟਰ ਯੂਨੀਅਨ ਅਤੇ ਬੇਰੁਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਇਨ੍ਹਾਂ ਦਾ ਹੱਲ ਲੱਭਣ ਲਈ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਕੱਢਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ।