ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਲੰਤ ਮਾਲੀ ਸਾਲ ਦੇ ਬਜਟ ਸਬੰਧੀ ਲੋਕਾਂ ਦੇ ਸੁਝਾਅ ਲੈਣ ਖਾਤਰ ‘ਜਨਤਾ ਬਜਟ’ ਨਾਮੀ ਵੈੱਬ ਪੋਰਟਲ ਜਾਰੀ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਉਹ ਇਸ ਰਾਹੀਂ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਬਜਟ ਸਬੰਧੀ ਲੋਕਾਂ ਦੇ ਵਿਚਾਰ ਜਾਨਣਾ ਚਾਹੁੰਦੇ ਹਨ ਤਾਂ ਲੋਕਾਂ ਨੂੰ ਅਹਿਸਾਸ ਹੋਵੇ ਕਿ ਲੋਕਾਂ ਦੀ ਆਪਣੀ ਸਰਕਾਰ ਜਨਤਕ ਤੌਰ ’ਤੇ ਸੁਝਾਅ ਲੈ ਕੇ ਹੀ ਫ਼ੈਸਲੇ ਲੈਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਕਾਰੋਬਾਰੀਆਂ, ਵਪਾਰੀਆਂ, ਕਿਸਾਨਾਂ ਅਤੇ ਹੋਰ ਵਰਗਾਂ ਦੇ ਲੋਕਾਂ ਦੇ ਵਿਚਾਰ ਲੈਣ ਲਈ ਪਹਿਲਦਮੀ ਕੀਤੀ ਗਈ ਹੈ। ਸ੍ਰੀ ਚੀਮਾ ਨੇ ਦੱਸਿਆ ਕਿ ਇਸ ਪੋਰਟਲ ਵਿੱਚ 6 ਪੁਆਇੰਟ ਬਣਾਏ ਗਏ ਹਨ। ਇਨ੍ਹਾਂ ਵਿੱਚ ਕਾਰੋਬਾਰੀ ਭਾਈਚਾਰੇ ਨੂੰ ਕਾਰੋਬਾਰ ਵਧਾਉਣ ਵਿੱਚ ਸਹਿਯੋਗ ਦੇਣਾ, ਪੰਜਾਬ ਵਿੱਚ ਘਰੇਲੂ ਅਤੇ ਵਿਦੇਸ਼ੀ ਨਿਵੇਸ਼ ਲਿਆਉਣਾ, ਕਿਸਾਨਾਂ ਦੀ ਸ਼ੁੱਧ ਆਮਦਨ ਵਿੱਚ ਵਾਧਾ ਕਰਨਾ, ਪੰਜਾਬ ਵਿੱਚ ਨਵੀਂ ਨੌਕਰੀਆਂ ਪੈਦਾ ਕਰਨਾ, ਸਿਹਤ ਸੰਭਾਲ ਅਤੇ ਸਿੱਖਿਆ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣਾ, ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣਾ ਆਦਿ ਸਬੰਧੀ ਸੁਝਾਅ ਮੰਗੇ ਗਏ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਲੋਕ 10 ਮਈ ਤੱਕ ਵੈੱਬਸਾਈਟ ’ਤੇ ਆਪਣੇ ਸੁਝਾਅ ਦੇ ਸਕਦੇ ਹਨ। ਇਸ ਤੋਂ ਇਲਾਵਾ ਉਹ ਵਿੱਤ ਵਿਭਾਗ ਦੇ ਪਤੇ ’ਤੇ ਲਿਖਤੀ ਤੌਰ ’ਤੇ ਵੀ ਆਪਣੇ ਸੁਝਾਅ ਭੇਜ ਸਕਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ 15 ਵੱਡੇ ਸ਼ਹਿਰਾਂ ਵਿੱਚ ਵਿੱਤ ਵਿਭਾਗ ਦੀ ਟੀਮ ਲੋਕਾਂ ਵਿੱਚ ਜਾ ਕੇ ਵਪਾਰੀਆਂ, ਡਾਕਟਰਾਂ ਅਤੇ ਕਿਸਾਨਾਂ ਦੇ ਸੁਝਾਅ ਲਵੇਗੀ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਦਾ ਇਹ ਪਹਿਲਾ ਬਜਟ ਹੋਵੇਗਾ ਜਦਕਿ ਬਜਟ ਸੈਸ਼ਨ ਜੂਨ ਮਹੀਨੇ ਵਿੱਚ ਸੱਦਿਆ ਜਾ ਰਿਹਾ ਹੈ।