ਆਤਿਸ਼ ਗੁਪਤਾ
ਚੰਡੀਗੜ੍ਹ, 11 ਨਵੰਬਰ
ਪੰਜਾਬ ਵਿਧਾਨ ਸਭਾ ਚੋਣਾਂ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਪੰਜਾਬ ਨੇ ਤਿਆਰੀਆਂ ਵਿੱਢੀਆਂ ਹੋਈਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੀ ਵੋਟ ਬਣਾਉਣ ਦੇ ਅਮਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਕ ਪਾਸੇ ਜਿਥੇ ਚੋਣ ਕਮਿਸ਼ਨ ਵੱਲੋਂ ਵੋਟਾਂ ਬਣਾਉਣ ਲਈ ਸੂਬੇ ’ਚ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਘਰ ਬੈਠ ਕੇ ਵੋਟ ਅਪਲਾਈ ਕਰਨ ਲਈ ‘ਵੋਟਰ ਹੈਲਪਲਾਈਨ’ ਐਪ ਵੀ ਤਿਆਰ ਕੀਤੀ ਗਈ ਹੈ। ਡਾ. ਐੱਸ ਕਰੁਣਾ ਰਾਜੂ ਨੇ ਅੱਜ ਇਹ ਐਪ ਜਾਰੀ ਕਰਦਿਆਂ ਦੱਸਿਆ ਕਿ ਇਸ ਰਾਹੀਂ ਕੋਈ ਵੀ ਵਿਅਕਤੀ ਨਵੀਂ ਵੋਟ ਬਣਵਾਉਣ, ਪੁਰਾਣੀ ਵੋਟ ਕਟਵਾਉਣ ਅਤੇ ਵੋਟ ਵਿਚਲੀਆਂ ਤਰੁੱਟੀਆਂ ਦੂਰ ਕਰਾਉਣ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅਪਾਹਜਾਂ ਨੂੰ ਵੋਟਾਂ ਬਣਵਾਉਣ ’ਚ ਆਉਣ ਵਾਲੀਆਂ ਦਿੱਕਤਾਂ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਬਣਾਉਣ ਲਈ ਸੂਬੇ ਦੇ 24,689 ਬੂਥਾਂ ’ਤੇ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ 20 ਤੇ 21 ਨਵੰਬਰ ਨੂੰ ਮੁੜ ਲਗਾਏ ਜਾਣਗੇ। ਪੰਜਾਬ ’ਚ 20 ਦਸੰਬਰ 2021 ਤੱਕ ਵੋਟਾਂ ਬਣਾਉਣ ਦਾ ਕੰਮ ਜਾਰੀ ਰਹੇਗਾ। ਜਦਕਿ 5 ਜਨਵਰੀ ਨੂੰ ਵੋਟਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ’ਚ ਕੁਲ 2.09 ਲੱਖ ਵੋਟਰ ਹਨ, ਜਿਨ੍ਹਾਂ ਵਿੱਚੋਂ 1.10 ਕਰੋੜ ਪੁਰਸ਼ ਅਤੇ 99 ਲੱਖ ਮਹਿਲਾਵਾਂ ਹਨ ਤੇ 670 ਵੋਟਰ ਹੋਰ ਵਰਗ ਨਾਲ ਸਬੰਧਤ ਹਨ। ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਅਪਾਹਜਾਂ ਨੂੰ ਬਰਾਬਰੀ ਦਾ ਅਧਿਕਾਰ ਦਿੰਦਿਆਂ ਉਨ੍ਹਾਂ ਦੀ ਵੋਟ ਬਣਾਉਣ ਨੂੰ ਤਰਜੀਹ ਦੇ ਰਿਹਾ ਹੈ। ਉੱਥੇ ਹੀ ਵੋਟਾਂ ਵਾਲੇ ਦਿਨ ਇਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਵਿੱਚ ਕੋਈ ਦਿੱਕਤਾ ਨਾ ਆਵੇ, ਇਸ ਸਬੰਧੀ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 40 ਫ਼ੀਸਦ ਤੋਂ ਵੱਧ ਅਪਾਹਜ ਵਿਅਕਤੀਆਂ ਨੂੰ ਘਰ ਤੋਂ ਚੋਣ ਬੂਥ ਤੱਕ ਲਿਜਾਣ ਜਾਂ ਫੇਰ ਪੋਸਟਲ ਬੈਲਟ ਰਾਹੀਂ ਵੋਟ ਪਵਾਉਣ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਦੀ ਹੋਵੇਗੀ।