ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਮਈ
ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀ ਚੋਣ ਵਾਸਤੇ ਹੁਣ ਸਿਰਫ਼ ਦੋ ਉਮੀਦਵਾਰ ਮੈਦਾਨ ਵਿਚ ਹਨ। ਇਕ ਉਮੀਦਵਾਰ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਪ੍ਰਧਾਨਗੀ ਲਈ ਇਹ ਸਿੱਧਾ ਮੁਕਾਬਲਾ ਹੁਣ ਮੌਜੂਦਾ ਕਾਰਜਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਸਰਬਜੀਤ ਸਿੰਘ ਵਿਚਾਲੇ ਹੋਵੇਗਾ। ਚੋਣ ਰਿਟਰਨਿੰਗ ਅਧਿਕਾਰੀ ਨਰਿੰਦਰ ਸਿੰਘ ਖੁਰਾਣਾ, ਹਰਜੀਤ ਸਿੰਘ ਅਤੇ ਪ੍ਰੋ. ਵਰਿਆਮ ਸਿੰਘ ਨੇ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਤਿੰਨੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਠੀਕ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ ਦਿਨ ਸੀ ਤੇ ਇਕ ਉਮੀਦਵਾਰ ਅਜੀਤ ਸਿੰਘ ਬਸਰਾ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਹੁਣ ਸਿਰਫ ਦੋ ਉਮੀਦਵਾਰ ਮੈਦਾਨ ’ਚ ਹਨ। ਉਨ੍ਹਾਂ ਦੱਸਿਆ ਕਿ ਇਹ ਚੋਣ ਬੈਲੇਟ ਪੇਪਰ ਰਾਹੀਂ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦੇਹਾਂਤ ਮਗਰੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਦੂਜੇ ਪਾਸੇ ਉਨ੍ਹਾਂ ਦੇ ਮੁਕਾਬਲੇ ਚੋਣ ਲੜ ਰਹੇ ਸਰਬਜੀਤ ਸਿੰਘ ਪਹਿਲਾਂ ਵੀ ਪ੍ਰਧਾਨ ਦੇ ਅਹੁਦੇ ਦੀ ਚੋਣ ਲੜ ਚੁੱਕੇ ਹਨ। ਉਹ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਦੇ ਪੁੱਤਰ ਹਨ। ਇਸ ਦੌਰਾਨ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਆਖਿਆ ਕਿ ਚੋਣ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਜਾਣਕਾਰੀ ਮੁਤਾਬਕ ਅੱਠ ਮਈ ਨੂੰ ਚੋਣ ਪ੍ਰਕਿਰਿਆ ਸਵੇਰੇ 11 ਵਜੇ ਆਰੰਭ ਹੋਵੇਗੀ ਤੇ ਚਾਰ ਵਜੇ ਤੱਕ ਵੋਟਾਂ ਪੈਣਗੀਆਂ। ਇਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ।