ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਸਤੰਬਰ
ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰਦੇ ਆ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ ਅੱਜ ਪਹਿਲੀ ਵਾਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰੰਘ ਚੰਨੀ ਨਾਲ ਮਿਲਣੀ ਨਸੀਬ ਹੋਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੀਟਿੰਗ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਯੂਨੀਅਨ ਨੇ 24 ਸਤੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਕੋਠੀ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਸੀ, ਪਰ ਉਸ ਤੋਂ ਪਹਿਲਾਂ ਮੁਹਾਲੀ ਪ੍ਰਸ਼ਾਸਨ ਨੇ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਤੈਅ ਕਰਵਾ ਦਿੱਤੀ। ਮੀਟਿੰਗ ਲਈ ਜਦੋਂ ਉਹ ਸਿਵਲ ਸਕੱਤਰੇਤ ਚੰਡੀਗੜ੍ਹ ਪੁੱਜੇ ਤਾਂ ਪਤਾ ਲੱਗਿਆ ਕਿ ਮੁੱਖ ਮੰਤਰੀ ਵੀ ਸਕੱਤਰੇਤ ਵਿੱਚ ਮੌਜੂਦ ਸਨ। ਉਨ੍ਹਾਂ ਮਿਲਣ ਦੀ ਮੰਗ ਕੀਤੀ ਤਾਂ ਮੁੱਖ ਮੰਤਰੀ ਨੇ ਮੀਟਿੰਗ ਲਈ ਬੁਲਾ ਲਿਆ। ਵਫ਼ਦ ਨੇ ਮੁੱਖ ਮੰਤਰੀ ਕੋਲ ਆਪਣੀਆਂ ਮੰਗਾਂ ਰੱਖੀਆਂ ਤੇ ਬੇਰੁਜ਼ਗਾਰਾਂ ਦਾ ਪੱਖ ਸੁਣਨ ਮਗਰੋਂ ਮੁੱਖ ਮੰਤਰੀ ਨੇ ਸਾਰੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੰਦਿਆਂ ਕੁਝ ਦਿਨਾਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਦਾ ਵਿਸਥਾਰ ਹੋਣ ਮਗਰੋਂ ਰੁਜ਼ਗਾਰ ਦੇ ਮਸਲੇ ਨੂੰ ਪ੍ਰਮੁੱਖਤਾ ਨਾਲ ਹੱਲ ਕੀਤਾ ਜਾਵੇਗਾ ਕਿਉਂਕਿ ਸਰਕਾਰ ਰੁਜ਼ਗਾਰ ਮੁਹੱਈਆ ਕਰਨ ਲਈ ਹੀ ਬਣੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਸੰਗਰੂਰ ’ਚ ਚੱਲ ਰਿਹਾ ਸੰਘਰਸ਼ ਜਾਰੀ ਰਹੇਗਾ। ਜੇਕਰ ਮਿਲੇ ਭਰੋਸੇ ਅਨੁਸਾਰ ਮੰਗਾਂ ਦਾ ਹੱਲ ਨਾ ਹੋਇਆ ਤਾਂ 3 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਵਫ਼ਦ ’ਚ ਯੂਨੀਅਨ ਆਗੂ ਅਮਨ ਸੇਖਾਂ, ਗਗਨਦੀਪ ਕੌਰ, ਸੰਦੀਪ ਗਿੱਲ, ਨਰਿੰਦਰ ਫਾਜ਼ਿਲਕਾ ਅਤੇ ਕੁਲਵੰਤ ਲੌਂਗੋਵਾਲ ਸ਼ਾਮਲ ਸਨ।