ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ‘ਐਲਾਨਜੀਤ ਸਿੰਘ ਚੰਨੀ’ ਦਾ ਨਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਵਾਅਦੇ ਅਤੇ ਐਲਾਨ ਖੋਖਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਬਿਜਲੀ ਦੀਆਂ ਦਰਾਂ ਵਿਚ ਕੋਈ ਕਟੌਤੀ ਨਹੀਂ ਕੀਤੀ ਗਈ। ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਿਜਲੀ ਦਰਾਂ ’ਚ ਤਿੰਨ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਦਾ ਐਲਾਨ ਝੂਠ ਸਾਬਤ ਹੋਇਆ ਹੈ। ਖਪਤਕਾਰਾਂ ਦੇ ਬਿਜਲੀ ਬਿੱਲ ਮੀਡੀਆ ਨੂੰ ਦਿਖਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਬਿੱਲ ਪੁਰਾਣੀਆਂ ਦਰਾਂ ਮੁਤਾਬਕ ਹੀ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇ ਰਹੇ ਹਨ ਜਿਵੇਂ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਖਜ਼ਾਨਾ ਭਰਿਆ ਹੋਇਆ ਹੈ ਜਦੋਂਕਿ ਵਿੱਤ ਮੰਤਰੀ ਆਖ ਰਹੇ ਹਨ ਕਿ ਖ਼ਜ਼ਾਨਾ ਖਾਲੀ ਹੈ। ਦੋਵਾਂ ਨੂੰ ਹੀ ਇਸ ਬਾਰੇ ਪਤਾ ਨਹੀਂ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਖੋਖਲੇ ਸਾਬਤ ਹੋ ਰਹੇ ਹਨ। ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਕਰਨ ਦਾ ਦਾਅਵਾ ਵੀ ਗੁਮਰਾਹਕੁਨ ਸਾਬਤ ਹੋਇਆ ਹੈ। ਰੇਤ ਇਸ ਵੇਲੇ ਪੰਜ ਤੋਂ ਸੱਤ ਗੁਣਾ ਜ਼ਿਆਦਾ ਕੀਮਤ ’ਤੇ ਵਿਕ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਖਣਨ ਮਾਫੀਆ ਕਾਂਗਰਸੀਆਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ‘ਆਪ’ ਨੂੰ ਵੀ ਲੰਮੇ ਹੱਥੀਂ ਲਿਆ।