ਮੁੱਖ ਮੰਤਰੀ ਵੱਲੋਂ ਭਾਈ ਜੈਤਾ ਜੀ ਦੀ ਯਾਦਗਾਰ ਲੋਕ ਅਰਪਣ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ’ਚ ਮੱਥਾ ਟੇਕਿਆ; ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ
ਬੀ ਐੱਸ ਚਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ 20 ਕਰੋੜ ਦੀ ਲਾਗਤ ਨਾਲ ਤਿਆਰ ਭਾਈ ਜੈਤਾ ਜੀ ਦੀ ਯਾਦਗਾਰ ਨੂੰ ਲੋਕ ਅਰਪਣ ਕੀਤਾ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਈ ਜੈਤਾ ਜੀ ਨੇ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਮਗਰੋਂ ਗੁਰੂ ਸਾਹਿਬ ਦਾ ਸੀਸ ਗੁਰੂ ਗੋਬਿੰਦ ਸਿੰਘ ਤੱਕ ਪਹੁੰਚਾ ਕੇ ਸਾਹਸ ਤੇ ਨਿਸ਼ਠਾ ਦੀ ਜੋ ਮਿਸਾਲ ਪੇਸ਼ ਕੀਤੀ ਹੈ, ਉਹ ਸਦਾ ਸਿੱਖ ਜਗਤ ਲਈ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ਵਿੱਚ ਭਾਈ ਜੈਤਾ ਜੀ ਦੇ ਜੀਵਨ ਦੇ ਵੱਖ-ਵੱਖ ਪੜਾਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਦਰਸਾਇਆ ਗਿਆ ਹੈ।
ਇਸ ਵਿੱਚ ਭਾਈ ਜੈਤਾ ਜੀ ਤੋਂ ਭਾਈ ਜੀਵਨ ਸਿੰਘ ਬਣਨ ਤੱਕ ਦੇ ਇਤਿਹਾਸ ਨੂੰ ਰੌਚਕ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਰਾਹੀਂ ਲੋਕ ਖ਼ਾਸ ਕਰ ਕੇ ਨੌਜਵਾਨ ਪੀੜ੍ਹੀ ਸਿੱਖ ਇਤਿਹਾਸ ਨਾਲ ਜੁੜੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਯਾਦਗਾਰ ਦੇ ਦਰਸ਼ਨ ਕਰਨ ਆਉਣ ਅਤੇ ਆਪਣੇ ਬੱਚਿਆਂ ਨੂੰ ਭਾਈ ਜੈਤਾ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਣ।
ਇਸ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਨਤਮਸਤਕ ਹੋਏ। ਗੁਰਦੁਆਰੇ ਵਿੱਚ ਮੱਥਾ ਟੇਕਣ ਮਗਰੋਂ ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਕੇਸਗੜ੍ਹ ਸਾਹਿਬ ਨਜ਼ਦੀਕ 25 ਕਰੋੜ ਰੁਪਏ ਨਾਲ ਬਣਾਏ ਜਾਣ ਵਾਲੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੀ ਇੱਕ ਵੱਡੀ ਕੋਸ਼ਿਸ਼ ਹੈ। ਇਹ ਵਿਰਾਸਤੀ ਮਾਰਗ ਸੰਗਤ ਅਤੇ ਸੈਲਾਨੀਆਂ ਲਈ ਆਕਰਸ਼ਣ ਦਾ ਕੇਂਦਰ ਬਣੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਗੰਭੀਰ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਹੋਰ ਇਤਿਹਾਸਕ ਸਥਾਨਾਂ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜਲਦ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਨੈਣਾ ਦੇਵੀ ਤੱਕ ਰੋਪਵੇਅ ਪ੍ਰਾਜੈਕਟ ’ਤੇ ਵੀ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਸੈਲਾਨੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਅਰਥ-ਵਿਵਸਥਾ ਨੂੰ ਨਵਾਂ ਬਲ ਮਿਲੇਗਾ। ਉਨ੍ਹਾਂ ਆਖਿਆ ਕਿ ਵਿਸ਼ੇਸ਼ ਸੈਸ਼ਨ ਮੌਕੇ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਸਬੰਧੀ ਫ਼ੈਸਲੇ ਲਏ ਜਾਣਗੇ। ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ 71 ਅਧਿਆਪਕਾਂ ਨੂੰ ਰਾਜ ਪੁਰਸਕਾਰ
ਮੁੱਖ ਮੰਤਰੀ ਨੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿੱਚ ਕੌਮਾਂਤਰੀ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 71 ਅਧਿਆਪਕਾਂ ਦਾ ਰਾਜ ਪੁਰਸਕਾਰਾਂ ਨਾਲ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹੁੰਦੇ ਹਨ ਤੇ ਨਵੀਂ ਪੀੜ੍ਹੀ ਦੇ ਮਾਰਗਦਰਸ਼ਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੰਗੇ ਉਸਤਾਦ ਵਿਦਿਆਰਥੀਆਂ ਨੂੰ ਤਰਾਸ਼ਦੇ ਹਨ ਅਤੇ ਸਮਾਜ ਦੀ ਮਜ਼ਬੂਤ ਨੀਂਹ ਰੱਖਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਅਧਿਆਪਕ ਦਿਵਸ ਮੌਕੇ ਉਹ ਇਨ੍ਹਾਂ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨੂੰ ਸਲਾਮ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਜਿਹੜਾ ਪੰਜਾਬ ਕਦੇ ਸਿੱਖਿਆ ਦੇ ਖੇਤਰ ਵਿੱਚ ਪੱਛੜਿਆ ਹੋਇਆ ਸੀ ਅੱਜ ਉਹ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਮੂਹਰਲੀ ਕਤਾਰ ਵਿੱਚ ਖੜ੍ਹਾ ਹੈ।