ਮੁੱਖ ਮੰਤਰੀ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਚੈੱਕ ਵੰਡੇ
ਕੇਂਦਰ ’ਤੇ ਮਦਦ ਨਾ ਦੇਣ ਦੇ ਦੋਸ਼, ਸਰਕਾਰ ਨੇ ਕੲੀ ਟੌਲ ਪਲਾਜ਼ੇ ਬੰਦ ਕੀਤੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਹੜ੍ਹ ਪੀੜਤ ਪਰਿਵਾਰਾਂ ਦੀ ਆਰਥਿਕ ਸਹਾਇਤਾ ਕੀਤੀ। ਕਰਤਾਰਪੁਰ ਲਾਂਘੇ ਵਾਲੀ ਸੜਕ ’ਤੇ ਹੋਏ ਸਮਾਗਮ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ 30 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਘਰਾਂ ਦੀ ਮੁੜ ਉਸਾਰੀ ਦੇ ਪ੍ਰਵਾਨਗੀ ਪੱਤਰ ਵੰਡੇ ਅਤੇ ਰਸਮੀ ਤੌਰ ’ਤੇ ਚੈੱਕ ਵੀ ਸੌਂਪੇ।
ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਤਕਰੀਬਨ 8,056 ਲੋਕਾਂ ਦੇ ਘਰ ਪ੍ਰਭਾਵਿਤ ਹੋਏ। ਉਨ੍ਹਾਂ ਐਲਾਨ ਕੀਤਾ ਕਿ ਮਕਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਪਹਿਲੀ ਕਿਸ਼ਤ ਵਜੋਂ 70 ਹਜ਼ਾਰ ਰੁਪਏ, ਦੂਜੀ ਕਿਸ਼ਤ 40 ਹਜ਼ਾਰ ਅਤੇ ਤੀਜੀ ਕਿਸ਼ਤ ਵਿੱਚ 10 ਹਜ਼ਾਰ ਰੁਪਏ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਦੀ ਰਿਪੋਰਟ ਕੇਂਦਰ ਨੂੰ ਭੇਜੀ ਗਈ ਸੀ ਪਰ ਹਾਲੇ ਤੱਕ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ। ਕੇਂਦਰੀ ਮੰਤਰੀਆਂ ਨੇ ਸਿਰਫ਼ ਦੌਰੇ ਕੀਤੇ ਪਰ ਮਿਲਿਆ ਕੁਝ ਨਹੀਂ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਆਮ ਨਹੀਂ ਸੀ। ਅਜਿਹੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਆਗੂ ਆਨੰਦਪੁਰ ਸਾਹਿਬ ਵਿੱਚ ਕਰਵਾਏ ਸ਼ਤਾਬਦੀ ਸਮਾਗਮ ਵਿੱਚ ਆਉਣੇ ਚਾਹੀਦੇ ਸਨ ਪਰ ਕੇਂਦਰ ਸਰਕਾਰ ਤੋਂ ਕੋਈ ਮੰਤਰੀ ਨਹੀਂ ਪਹੁੰਚਿਆ।
ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਗੈਂਗਸਟਰ ਦੀ ਸੱਸ ਨੂੰ ਟਿਕਟ ਦਿੱਤੀ ਹੈ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਦਿਆਂ ਕਿਹਾ ਕਿ ਜਦੋਂ ਉਹ ਲੋਕ ਨਿਰਮਾਣ ਮੰਤਰੀ ਸਨ ਤਾਂ ਪੰਜਾਬ ਵਿੱਚ ਟੌਲ ਪਲਾਜ਼ੇ ਲੱਗੇ ਸਨ, ਜਦਕਿ ‘ਆਪ’ ਸਰਕਾਰ ਨੇ ਪੌਣੇ ਚਾਰ ਸਾਲਾਂ ਵਿੱਚ ਕਈ ਟੌਲ ਪਲਾਜ਼ੇ ਬੰਦ ਕਰਵਾਏ ਹਨ। ਉਨ੍ਹਾਂ ਕਾਂਗਰਸ ਤੇ ਅਕਾਲੀ ਦਲ ’ਤੇ ਪਰਿਵਾਰਵਾਦ ਨੂੰ ਹੱਲਾਸ਼ੇਰੀ ਦੇਣ ਦੇ ਦੋਸ਼ ਵੀ ਲਾਏ।
ਸਮਾਗਮ ਵਿੱਚ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਸਮੇਤ ਹੋਰ ਆਗੂ ਹਾਜ਼ਰ ਸਨ।
ਲੜਕੀਆਂ ਦੇ ਡਿਗਰੀ ਕਾਲਜ ਦਾ ਐਲਾਨ
ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕਰਦਿਆਂ ਇੱਥੇ ਲੜਕੀਆਂ ਦਾ ਡਿਗਰੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਰੱਖੀਆਂ ਹੋਰ ਮੰਗਾਂ ਜਿਵੇਂ ਦਾਣਾ ਮੰਡੀ ਪਿੰਡ ਸ਼ਹਿਜ਼ਾਦਾ ਵਿੱਚ ਤਬਦੀਲ ਕਰਨ ਅਤੇ ਸਥਾਨਕ ਬਿਜਲੀ ਘਰ ਨੂੰ ਨਗਰ ਤੋਂ ਬਾਹਰ ਕੱਢਣ ਦੀ ਵੀ ਪ੍ਰਵਾਨਗੀ ਦਿੱਤੀ।

