ਮੁੱਖ ਮੰਤਰੀ ਵੱਲੋਂ ਸ਼ਹੀਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।
ਅੱਜ ਸ਼ਾਮ ਨੂੰ ਸੋਸ਼ਲ ਮੀਡੀਆ ’ਤੇ ਪੰਜਾਬ ਦੇ ਲੋਕਾਂ ਦੇ ਨਾਮ ਜਾਰੀ ਵੀਡੀਓ ਸੁਨੇਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿੱਚ 23, 24 ਤੇ 25 ਨਵੰਬਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਲਾਈਟ ਐਂਡ ਸਾਊਂਡ ਪ੍ਰੋਗਰਾਮ ਤੇ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਣੇ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਦੀ ਜੀਵਨੀ ਬਾਰੇ ਜਾਣਕਾਰੀ ਹਾਸਲ ਕਰ ਕੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਤਾ ਲੱਗ ਸਕੇ ਕਿ ਸਾਡੇ ਗੁਰੂਆਂ ਨੇ ਮਨੁੱਖਤਾ ਤੇ ਤਿਆਗ ਵਾਸਤੇ ਸ਼ਹਾਦਤਾਂ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 23, 24 ਤੇ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਗਿਆ ਹੈ ਜਿਸ ਨੂੰ ਬੀਤੇ ਦਿਨੀਂ ਰਾਜਪਾਲ ਨੇ ਮਨਜ਼ੂਰੀ ਦਿੱਤੀ ਸੀ।
