DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਨੇ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਦਾ ਡੱਬਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਹਥਿਆਰ: ਮਾਨ
  • fb
  • twitter
  • whatsapp
  • whatsapp
featured-img featured-img
ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਹਰਜੋਤ ਸਿੰਘ ਬੈਂਸ, ਡਾ. ਬਲਬੀਰ ਸਿੰਘ ਤੇ ਹੋਰਾਂ ਦੇ ਨਾਲ।
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 5 ਮਾਰਚ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ‘ਮਿਸ਼ਨ ਰੁਜ਼ਗਾਰ’ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਦੌਰਾਨ ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਜਲਦ ਹੀ 50 ਹਜ਼ਾਰ ਹੋਰ ਨੌਕਰੀਆਂ ਦੇ ਕੇ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਟੀਚਾ ਪੂਰਾ ਕੀਤਾ ਜਾਵੇਗਾ।

ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਦਾ ਡੱਬਾ ਹੀ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਸਭ ਤੋਂ ਵੱਡਾ ਹਥਿਆਰ ਸਾਬਤ ਹੋਵੇਗਾ। ਇਸੇ ਲਈ ਸੂਬਾ ਸਰਕਾਰ ਵੱਡੀ ਗਿਣਤੀ ਹੋਰ ਨੌਜਵਾਨਾਂ ਨੂੂੰ ਵੀ ਨੌਕਰੀਆਂ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਨੀਤੀਆਂ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੀਆਂ ਸਨ ਪਰ ‘ਆਪ’ ਨੌਜਵਾਨਾਂ ਨੂੂੰ ਵਾਪਸ ਲਿਆਉਣ ਲਈ ਕੰਮ ਕਰ ਰਹੀ ਹੈ। ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਨੌਜਵਾਨਾਂ ਦੀ ਮਿਹਨਤ ਅਤੇ ਉਨ੍ਹਾਂ ਦੀ ਸਮਰਪਣ ਭਾਵਨਾ ਨਾਲ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਸਫ਼ਲਤਾ ਮਿਲੇਗੀ।

ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਬਿੱਟੂ ਮੁੱਖ ਮੰਤਰੀ ਰਿਹਾਇਸ਼ ’ਤੇ ਜੱਦੀ ਹੱਕ ਸਮਝਦੈ: ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਹਨ। ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਪਣਾ ਜੱਦੀ ਹੱਕ ਸਮਝਦੇ ਹਨ ਕਿਉਂਕਿ ਇੱਥੇ ਉਨ੍ਹਾਂ ਦਾ ਦਾਦਾ ਇਕ ਵਾਰ ਮੁੱਖ ਮੰਤਰੀ ਰਿਹਾ ਸੀ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਕੁਝ ਦਿਨ ਪਹਿਲਾਂ ਬਿਨਾਂ ਸਮਾਂ ਲਏ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚ ਗਏ, ਜਦੋਂ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਹ ਪਿਛਲੇ ਦਰਵਾਜ਼ੇ ਰਾਹੀਂ ਅੰਦਰ ਆਉਣ ਦੀ ਕੋਸ਼ਿਸ਼ ਕਰਨ ਲੱਗੇ। ਇਹ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਦਾ ਘਰ ਹੈ, ਜੋ ਕਿਸੇ ਇੱਕ ਨੂੰ ਇੱਥੇ ਚੁਣ ਕੇ ਉਨ੍ਹਾਂ ਦੀ ਸੇਵਾ ਲਈ ਭੇਜਦੇ ਹਨ।

ਰਵਾਇਤੀ ਪਾਰਟੀਆਂ ਦੇ ਆਗੂ ਮੇਰੇ ਨਾਲ ਈਰਖਾ ਕਰਦੇ ਨੇ: ਮਾਨ

ਸ੍ਰੀ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੱਚਾਈ ਹੈ ਕਿ ਕਾਨਵੈਂਟ ਦੇ ਪੜ੍ਹੇ ਸਿਆਸੀ ਆਗੂ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਵੀ ਅਣਜਾਣ ਹਨ।

ਪਿੰਡ ਸਤੌਜ ਦੀ ਨੂੰਹ ਨੂੰ ਦਿੱਤਾ ਸ਼ਗਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਦੋਂ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡ ਰਹੇ ਸਨ ਤਾਂ ਇਸ ਦੌਰਾਨ ਮੁੱਖ ਮੰਤਰੀ ਦੇ ਪਿੰਡ ਸਤੌਜ ਦੀ ਨੂੰਹ ਸੰਦੀਪ ਕੌਰ ਵੀ ਨਿਯੁਕਤੀ ਪੱਤਰ ਲੈਣ ਪਹੁੰਚੀ ਸੀ। ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਵੰਡਣ ਉਪਰੰਤ ਸੰਦੀਪ ਕੌਰ ਨੂੰ ਸਟੇਜ ’ਤੇ ਸੱਦ ਕੇ ਸ਼ਗਨ ਦਿੱਤਾ।

ਸਿੱਖਿਆ ਵਿਭਾਗ ’ਚ 3500 ਨੌਜਵਾਨਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬੇ ਦੇ ਸਿੱਖਿਆ ਵਿਭਾਗ ਵਿੱਚ ਜਲਦੀ ਹੀ 3500 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਨ੍ਹਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਕੇਸ ਚੱਲ ਰਿਹਾ ਸੀ ਜੋ ਸੂਬਾ ਸਰਕਾਰ ਜਿੱਤ ਗਈ ਹੈ। ਇਸ ਸਦਕਾ ਜਲਦ ਹੀ ਸੂਬਾ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।

Advertisement
×