ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਵੱਲੋਂ ਡੇਰਾ ਸੱਚਖੰਡ ਬੱਲਾਂ ’ਚ ਐੱਸਟੀਪੀ ਦਾ ਨੀਂਹ ਪੱਥਰ

ਪ੍ਰਾਜੈਕਟ ਸਾਲ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ; 3.4 ਕਰੋੜ ਰੁਪਏ ਦੀ ਆਏਗੀ ਲਾਗਤ/ਪਲਾਂਟ ਤੋਂ ਸਾਫ਼ ਕੀਤੇ ਪਾਣੀ ਦੀ ਮੁੜ ਹੋਵੇਗੀ ਵਰਤੋਂ
ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਕੰਮ ਦੀ ਸ਼ੁਰੂਆਤ ਲਈ ਜੇਸੀਬੀ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੇਰਾ ਮੁਖੀ ਸੰਤ ਨਿਰੰਜਣ ਦਾਸ। -ਫੋਟੋ: ਮਲਕੀਅਤ ਸਿੰਘ
Advertisement

ਗੁਰਨੇਕ ਸਿੰਘ ਵਿਰਦੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿੱਚ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐੱਸਟੀਪੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ ਲਿਆ।

Advertisement

ਇਸ ਮੌਕੇ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਐੱਸਟੀਪੀ ਦੀ ਸਮਰੱਥਾ 0.5 ਐੱਮਐੱਲਡੀ ਹੈ ਅਤੇ ਇਸ ਪ੍ਰਾਜੈਕਟ ਦੇ 12 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ, ਜਿਸ ’ਤੇ 3.4 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਸੈਨੀਟੇਸ਼ਨ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਤੋਂ ਸਾਫ਼ ਕੀਤੇ ਪਾਣੀ ਦੀ ਮੁੜ ਵਰਤੋਂ ਹੋਵੇਗੀ, ਜਿਸ ਨਾਲ ਤਕਰੀਬਨ 13 ਹੈਕਟੇਅਰ ਜ਼ਮੀਨ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਹੋਣਗੀਆਂ। ਸ੍ਰੀ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਫ਼ ਪਾਣੀ, ਬਿਹਤਰ ਸਿਹਤ ਸਹੂਲਤਾਂ, ਵਾਤਾਵਰਨ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵੱਲ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀ ਹੈ। ਮੁੱਖ ਮੰਤਰੀ ਨੇ ਮੰਨਿਆ ਕਿ ਡੇਰਾ ਸੱਚਖੰਡ ਬੱਲਾਂ ਨੇ ਸਮਾਜ ਭਲਾਈ ਵਿੱਚ ਲਗਾਤਾਰ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਕਈ ਵਾਰ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਡੇਰੇ ਵੱਲੋਂ ਸਮਾਜ ਭਲਾਈ ਲਈ ਵੱਡੇ ਪਧਰ ’ਤੇ ਕੀਤੇ ਗਏ ਪਰਉਪਕਾਰੀ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਜਸਵੀਰ ਸਿੰਘ ਗਿੱਲ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਰਾਜਵਿੰਦਰ ਕੌਰ ਥਿਆੜਾ, ‘ਆਪ’ ਆਗੂ ਹਰਨੂਰ ਸਿੰਘ ਹਰਜੀ ਮਾਨ ਤੇ ਦਿਨੇਸ਼ ਢੱਲ ਮੌਜੂਦ ਸਨ।

Advertisement