ਮੁੱਖ ਮੰਤਰੀ ਸੈਣੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਮਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਪਰੇਸ਼ਨ ਸਿੰਧੂਰ ਦੀ ਸਫ਼ਲਤਾ ’ਤੇ ਵਧਾਈ ਦਿੱਤੀ ਅਤੇ ਫੌਜ ਦਾ ਧੰਨਵਾਦ ਕੀਤਾ। ਮਗਰੋਂ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਦੇ ਬਹਾਦਰ ਫੌਜੀਆਂ ਨੇ ਪਾਕਿਸਤਾਨ ਵਿਚਲੇ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਗਾਮ ਵਿੱਚ ਅਤਿਵਾਦੀਆਂ ਦੀ ਘਟਨਾ ਕਾਰਨ ਦੇਸ਼ ਦੇ ਲੋਕ ਦੁਖੀ ਅਤੇ ਗੁੱਸੇ ਵਿੱਚ ਸਨ। ਦੇਸ਼ ਦੇ ਨਾਗਰਿਕ ਅਤਿਵਾਦ ਵਿਰੁੱਧ ਸਖ਼ਤ ਕਾਰਵਾਈ ਚਾਹੁੰਦੇ ਸਨ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਅਤਿਵਾਦ ਵਿਰੁੱਧ ਸਖ਼ਤ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਸੁਰੱਖਿਅਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਪਰੇਸ਼ਨ ਸਿੰਧੂਰ ਰਾਹੀਂ ਪਾਕਿਸਤਾਨ ਦਾ ਅਸਲੀ ਚਿਹਰਾ ਪੂਰੀ ਦੁਨੀਆ ਦੇ ਸਾਹਮਣੇ ਨੰਗਾ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹਰਿਆਣਾ ਵਿੱਚ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਪ੍ਰਧਾਨ ਮੰਤਰੀ ਹਰਿਆਣਾ ਆਉਂਦੇ ਹਨ ਤਾਂ ਲੋਕਾਂ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਮਿਲਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਹਰਿਆਣਾ ਵਿੱਚ ਜਾਸੂਸੀ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।