ਮੁੱਖ ਮੰਤਰੀ ਨੇ ਕਣਕ ਦੇ ਮੁਫ਼ਤ ਬੀਜ ਦੇ ਟਰੱਕ ਭੇਜੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਪਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫ਼ਸਲ ਗੁਆਉਣ ਵਾਲੇ ਕਿਸਾਨਾਂ ਨੂੰ ਕਣਕ ਦੇ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਣਕ ਦੇ ਦੋ ਲੱਖ ਕੁਇੰਟਲ ਬੀਜ ਮੁਫ਼ਤ ਦੇਣ ਲਈ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੋਮਣੀ ਅਕਾਲੀ ਦਲ ਨੇ ਦੋ ਦਿਨ ਪਹਿਲਾਂ ਅਜਨਾਲਾ ਹਲਕੇ ਵਿੱਚ ਪ੍ਰਭਾਵਿਤ ਕਿਸਾਨਾਂ ਨੂੰ ਮੁਫਤ ਬੀਜ ਵੰਡੇ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ 37 ਹਜ਼ਾਰ ਏਕੜ ਰਕਬੇ ਵਾਸਤੇ ਕਿਸਾਨਾਂ ਲਈ ਕਣਕ ਦੇ ਬੀਜ ਦਾ ਪ੍ਰਬੰਧ ਕੀਤਾ ਹੈ। ਮੁੱਖ ਮੰਤਰੀ ਜੋ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਪ੍ਰਚਾਰ ਵਾਸਤੇ ਇੱਥੇ ਪੁੱਜੇ ਹਨ, ਨੇ ਕਿਹਾ ਕਿ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਤੇ ਸਰਕਾਰ ਇਸ ਗੰਭੀਰ ਸੰਕਟ ਵਿੱਚ ਸੂਬੇ ਦੇ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਾਰਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ 74 ਕਰੋੜ ਰੁਪਏ ਦੇ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਹ ਜਲਦ ਹੀ ਮੁਕੰਮਲ ਕਰ ਲਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
