ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪੰਜਾਬ ਵਿਚ ਕਰੋਨਾ ਸੰਕਟ ਨਾਲ ਨਜਿੱਠਣ ਵਿਚ ਫੇਲ੍ਹ ਹੋ ਗਈ ਹੈ। ਇਸ ਕਾਰਨ ਦੇਸ਼ ਵਿਚ ਸਭ ਤੋਂ ਵੱਧ ਮੌਤ ਦਰ ਪੰਜਾਬ ਵਿੱਚ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਆਪਣੇ ਫਾਰਮ ਹਾਊਸ ਵਿਚ ਆਰਾਮ ਨਾਲ ਬੈਠ ਕੇ ਕਰੋਨਾ ਨੂੰ ਰਿਮੋਟ ਕੰਟਰੋਲ ਨਾਲ ਕਾਬੂ ਕਰਨ ਦੀ ਥਾਂ ਮੁੱਖ ਮੰਤਰੀ ਨੂੰ ਜ਼ਮੀਨੀ ਹਕੀਕਤ ਜਾਣਨ ਲਈ ਮੌਕੇ ’ਤੇ ਹਾਲਾਤ ਦਾ ਜਾਇਜ਼ਾ ਲੈਣਾ ਚਾਹੀਦਾ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਰੋਨਾ ਨਾਲ 2150 ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤ ਦਰ ਮਹਾਰਾਸ਼ਟਰ ਤੇ ਗੁਜਰਾਤ ਤੋਂ ਵੀ ਵਧ ਗਈ ਹੈ। ਉੁਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸੇ ਰਵੱਈਏ ਕਾਰਨ ਉਨ੍ਹਾਂ ਦੇ ਅਖੌਤੀ ‘ਮਿਸ਼ਨ ਫਤਿਹ’ ਦੀ ਪ੍ਰਾਪੇਗੰਡਾ ਕਰਨ ਵਾਲੀ ਮੁਹਿੰਮ ’ਤੇ ਰੋਜ਼ਾਨਾ ਕਰੋੜਾਂ ਰੁਪਏ ਖ਼ਰਚ ਹੋ ਰਹੇ ਹਨ ਜਦਕਿ ਇਸ ਨਾਲ ਸੂਬੇ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਰਣਨੀਤੀ ਦੀ ਇਸ ਦੇ ਆਪਣੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਜੁਲਾਈ ਵਿਚ ਕਰੋਨਾ ਪਾਜ਼ੇਟਿਵ ਕੇਸਾਂ ਦੇ ਸੰਪਰਕ ਵਿਚ ਆਏ ਵਿਅਕਤੀ ਨਾ ਲੱਭਣ ਦਾ ਦੋਸ਼ੀ ਕਰਾਰ ਦਿੱਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਹਸਪਤਾਲਾਂ ਨੂੰ ਤਰਲ ਆਕਸੀਜਨ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਸਾਰੇ ਨਾਜ਼ੁਕ ਸੰਭਾਲ ਕੇਂਦਰਾਂ ਨੂੰ ਤੁਰੰਤ ਅਪਗਰੇਡ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਗ਼ਰੀਬਾਂ ਲਈ ਐਂਬੂਲੈਂਸ ਸੇਵਾ ਸਣੇ ਸਾਰਾ ਇਲਾਜ ਮੁਫ਼ਤ ਹੋਣਾ ਚਾਹੀਦਾ ਹੈ।