ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਕਿਉਂ ਭੱਜ ਰਹੀ ਹੈ, ਜਦਕਿ ‘ਆਪ’ ਵੱਲੋਂ ਖੁਦ ਇਹ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਪੁੱਛਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਮਾਲ ਖਾਤਿਆਂ ਵਿੱਚ ਰੈੱਡ ਐਂਟਰੀ ਵਰਗੀਆਂ ਕਾਰਵਾਈਆਂ ਕਿਉਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਤਜਵੀਜ਼ ਦਿੱਤੀ ਸੀ ਕਿ ਜੇਕਰ ਕਿਸਾਨ ਪਰਾਲੀ ਨਾ ਸਾੜਨ ਤਾਂ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ‘ਆਪ’ ਸਰਕਾਰ ਹੁਣ ਇਸ ਗੱਲ ਤੋਂ ਕਿਉਂ ਭੱਜ ਰਹੀ ਹੈ। ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਮੁੱਖ ਮੰਤਰੀ ਸਿਰਫ ਮਸ਼ਹੂਰੀ ਵਾਸਤੇ ਐਲਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ੍ਰੀ ਮਾਨ ਨੇ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਐੱਮਐੱਸਪੀ ’ਤੇ ਖਰੀਦਣ ਦਾ ਵਾਅਦਾ ਕਰਕੇ ਇਹ ਫ਼ਸਲ ਬੀਜਣ ਦੀ ਅਪੀਲ ਕੀਤੀ ਸੀ, ਪਰ ਸਿਰਫ਼ ਦਸ ਫ਼ੀਸਦ ਫ਼ਸਲ ਹੀ ਐੱਮਐੱਸਪੀ ’ਤੇ ਖਰੀਦੀ ਗਈ ਹੈ। ਸ੍ਰੀ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਜ਼ਿਲ੍ਹਾ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਖਾਤਿਆਂ ਵਿੱਚ ਰੈੱਡ ਐਂਟਰੀ ਕਰਨ ਵਾਸਤੇ ਕਿਉਂ ਆਖ ਰਹੀ ਹੈ, ਜਦਕਿ ਪਹਿਲਾਂ ਹੀ ਫ਼ਸਲਾਂ ਦਾ ਨੁਕਸਾਨ ਹੋਣ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਆਰਥਿਕ ਨੁਕਸਾਨ ਹੋਇਆ ਹੈ ਤੇ ਸਰਕਾਰ ਵੱਲੋਂ ਹਾਲੇ ਤੱਕ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ।