ਦਵਿੰਦਰ ਸਿੰਘ ਭੰਗੂ/ਸਿਮਰਤ ਪਾਲ ਸਿੰਘ ਬੇਦੀ
ਰਈਆ/ਜੰਡਿਆਲਾ ਗੁਰੂ, 6 ਅਗਸਤ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਪਿੰਡ ਮੁੱਛਲ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਕਲੀ ਸ਼ਰਾਬ ਦਾ ਧੰਦਾ ਮੌਜੂਦਾ ਸਰਕਾਰ ਦੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਚੱਲ ਸਕਦਾ। ਉਨ੍ਹਾਂ ਨੇ ਇਨ੍ਹਾਂ ਮੌਤਾਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੈਤਿਕਤਾ ਦੇ ਆਧਾਰ ’ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਅਸ਼ਵਨੀ ਕੁਮਾਰ ਨੇ ਕਿਹਾ ਕਿ ਇਹ ਮੌਤਾਂ ਨਹੀਂ ਸੋਚੀ ਸਮਝੀ ਸਾਜ਼ਿਸ਼ ਅਧੀਨ ਕੀਤੇ ਗਏ ਕਤਲ ਹਨ। ਮ੍ਰਿਤਕਾਂ ਵਿਚ ਜ਼ਿਆਦਾਤਰ ਦਲਿਤ ਅਤੇ ਗ਼ਰੀਬ ਹਨ। ਮੁਲਜ਼ਮਾਂ ਖ਼ਿਲਾਫ਼ ਐੱਸਸੀ ਐਕਟ ਅਤੇ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਸੀ ਤੇ ਮੁਆਵਜ਼ੇ ਦੀ ਰਕਮ ਦੋ ਲੱਖ ਤੋਂ ਵੱਧ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇ ਪੰਜਾਬ ਸਰਕਾਰ, ਕੇਂਦਰ ਤੋਂ ਲਿਖਤੀ ਤੌਰ ’ਤੇ ਮਦਦ ਮੰਗੇਗੀ ਤਾਂ ਉਹ ਵੀ ਉਨ੍ਹਾਂ ਦੇ ਨਾਲ ਸਿਫ਼ਾਰਸ਼ ਕਰਨਗੇ। ਸੀਬੀਆਈ ਜਾਂਚ ਨਾਲ ਹੀ ਸਾਰਾ ਸੱਚ ਸਾਹਮਣੇ ਆ ਸਕਦਾ ਹੈ। ਮੁੱਖ ਮੰਤਰੀ ਵੱਲੋਂ ਲਾਸ਼ਾਂ ’ਤੇ ਰਾਜਨੀਤੀ ਕਰਨ ਦੇ ਲਾਏ ਦੋਸ਼ਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਮੁੱਖ ਫ਼ਰਜ਼ ਸੁੱਤੀ ਸਰਕਾਰ ਨੂੰ ਜਗਾਉਣਾ ਹੈ। ਇਸ ਮੌਕੇ ਕੌਮੀ ਜਨਰਲ ਸਕੱਤਰ ਤਰੁਣ ਚੁੱਗ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਰਜਿੰਦਰ ਮੋਹਨ ਸਿੰਘ ਛੀਨਾ ਵੀ ਮੌਜੂਦ ਸਨ।
ਬਟਾਲਾ (ਦਲਬੀਰ ਸੱਖੋਵਾਲੀਆ): ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਮਰੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਇਹ ਸਭ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਭਾਜਪਾ ਆਗੂਆਂ ਨੇ ਗ੍ਰਹਿ ਮੰਤਰੀ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਦੌਰਾਨ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਸੀਬੀਆਈ ਜਾਂਚ ਹੋਵੇ।