ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿੱਚ ‘ਦਿੱਲੀ ਮਾਡਲ’ ਦੀਆਂ ਮਸ਼ਹੂਰੀਆਂ ’ਤੇ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਖਰਚਣ ਦੇ ਦੋਸ਼ ਲਾਉਂਦਿਆਂ ਸਪੱਸ਼ਟੀਕਰਨ ਮੰਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਦੇ ਮਾਮਲੇ ਵਿੱਚ ਤਿੰਨ ਕੌਮੀ ਸਰਵੇਖਣਾਂ ’ਚ ਪੰਜਾਬ ਦੀ ਕਾਰਗੁਜ਼ਾਰੀ ਦਿੱਲੀ ਨਾਲੋਂ ਚੰਗੀ ਸਾਬਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਗੁਜਰਾਤ ਵਿੱਚ ਪੰਜਾਬ ਸਰਕਾਰ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਦਿੱਲੀ ਦੇ ਫੇਲ੍ਹ ਸਕੂਲ ਸਿੱਖਿਆ ਮਾਡਲ ਦੀ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਤੁਰੰਤ ਬੰਦ ਕੀਤੀ ਜਾਵੇ।
ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਕਿਸੇ ਵੀ ਸਰਕਾਰ ਨੇ ਖ਼ੁਦ ਨੂੰ ਇੰਜ ਨੀਵਾਂ ਨਹੀਂ ਵਿਖਾਇਆ। ਉਨ੍ਹਾਂ ਕਿਹਾ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਅਰਵਿੰਦ ਕੇਜਰੀਵਾਲ ਨੂੰ ਲਾਭ ਪਹੁੰਚਾਉਣ ਲਈ ਮਾਨ ਸਰਕਾਰ ਰੋਜ਼ਾਨਾ ਸੋਸ਼ਲ ਮੀਡੀਆ ’ਤੇ ਲੱਖਾਂ ਰੁਪਏ ਦੇ ਇਸ਼ਤਿਹਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਇਸ ਕੰਮ ’ਤੇ ਕਰੋੜਾਂ ਦਾ ਖਰਚਾ ਕਰ ਚੁੱਕੀ ‘ਆਪ’ ਸਰਕਾਰ ਨੇ ਇਸ ਸਾਲ ਵੀ ਇਸ਼ਤਿਹਾਰਬਾਜ਼ੀ ਲਈ 700 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ, ਪਰਫਾਰਮੈਂਸ ਗਰੇਡਿੰਗ ਇੰਡੈਕਸ ਸਰਵੇਖਣ ਤੇ ਫਾਊਂਡੇਸਨ ਲਰਨਿੰਗ ਸਟੱਡੀ ਨਾਂ ਦੇ ਤਿੰਨ ਕੌਮੀ ਪੱਧਰ ਦੇ ਸਰਵੇਖਣਾਂ ਵਿੱਚ ਪੰਜਾਬ ਦੀ ਕਾਰਗੁਜ਼ਾਰੀ ਦਿੱਲੀ ਨਾਲੋਂ ਬਹਿਤਰ ਸਾਬਤ ਹੋਈ ਹੈ। ਇਸ ਲਈ ਦਿੱਲੀ ਮਾਡਲ ਨੂੰ ਪੰਜਾਬ ਲਈ ਲਾਭਦਾਇਕ ਦੱਸਣ ਦੀ ਪੈਂਤੜੇਬਾਜ਼ੀ ਭਗਵੰਤ ਮਾਨ ਨੂੰ ਬੰਦ ਕਰ ਦੇਣੀ ਚਾਹੀਦੀ ਹੈ ਤੇ ਇਸ ਦੀ ਥਾਂ ਸੰਕਟ ਵਿੱਚ ਘਿਰੀ ਹੋਈ ਕਿਸਾਨੀ ਨੂੰ ਬਚਾਉਣ ਲਈ ਤੁਰੰਤ ਮੁਆਵਜ਼ੇ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੰਪੀ ਚਮੜੀ ਰੋਗ ਕਾਰਨ ਦੁਧਾਰੂ ਪਸ਼ੂਆਂ ਦੇ ਹੋਏ ਨੁਕਸਾਨ ਲਈ ਡੇਅਰੀ ਮਾਲਕਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰੇ। ਸ੍ਰੀ ਬਾਦਲ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਐੱਮਐੱਸਪੀ ’ਤੇ ਖਰੀਦਣ ਦਾ ਸਰਕਾਰੀ ਦਾਅਵਾ ਵੀ ਨਾਕਾਮ ਬਾਬਤ ਹੋਇਆ ਹੈ। ਇਸੇ ਤਰੀਕੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਵਾਅਦੇ ਨੂੰ ਵੀ ਹਾਲੇ ਤੱਕ ਬੂਰ ਨਹੀਂ ਪਿਆ ਹੈ ਤੇ ਮਜਬੂਰ ਬੇਰੁਜ਼ਗਾਰ ਨੌਜਵਾਨ ਨੌਕਰੀਆਂ ਦੀ ਮੰਗ ਕਰਦਿਆਂ ਮੁੱਖ ਮੰਤਰੀ ਦੇ ਘਰ ਅੱਗੇ ਧਰਨੇ ਲਾ ਕੇ ਰੋਜ਼ਾ ਉਨ੍ਹਾਂ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ’ਤੇ ਲਾਠੀਚਾਰਜ ਕੀਤੇ ਜਾ ਰਹੇ ਹਨ।