ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਗਸਤ
ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਦੇਸ਼ ਵਿਰੋਧੀ ਟਿਪਣੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦਾ ਕੰਮ ਸਿਰਫ ਸਲਾਹ ਦੇਣਾ ਹੀ ਨਹੀਂ ਕਾਰਵਾਈ ਕਰਨਾ ਹੁੰਦਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਦੋਵਾਂ ਸਲਾਹਕਾਰਾਂ ਨੂੰ ਆਪਣੀ ਜ਼ੁਬਾਨ ਨੂੰ ਕਾਬੂ ’ਚ ਰੱਖਣ ਅਤੇ ਉਹ ਕੰਮ ਕਰਨ ਦੀ ਸਲਾਹ ਦਿੱਤੀ ਹੈ ਜਿਸ ਲਈ ਉਨ੍ਹਾਂ ਨੂੰ ਲਾਇਆ ਗਿਆ ਹੈ, ਜਦਕਿ ਮੁੱਖ ਮੰਤਰੀ ਦਾ ਕੰਮ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਪਾਉਣਾ ਚਾਹੀਦਾ ਹੈ, ਨਾ ਕਿ ਸਲਾਹ ਦੇਣਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਿੱਧੂ ਦੇ ਸਲਾਹਕਾਰ ਵਿਰੁੱਧ ਦੇਸ਼-ਧ੍ਰੋਹ ਦੇ ਕਾਨੂੰਨ ਤਹਿਤ ਕਾਰਵਾਈ ਕਰਨੀ ਚਾਹੀਦੀ ਹੈ। ਜੇਕਰ ਅਜਿਹਾ ਨਾ ਹੋਇਆ ਤਾਂ ਭਾਜਪਾ ਸਿੱਧੂ ਤੇ ਸਲਾਹਕਾਰਾਂ ਦਾ ਪੂਰੇ ਪੰਜਾਬ ਵਿੱਚ ਵਿਰੋਧ ਸ਼ੁਰੂ ਕਰੇਗੀ।