ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੌਜੀ ਐਜੂਕੇਸ਼ਨ ਸੁਸਾਇਟੀ (ਪਿਕਟਸ ਸੁਸਾਇਟੀ) ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿੱਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰ ਦੀ ਸਿੱਖਿਆ ਵੱਲ ਖਾਸ ਤਵੱਜੋਂ ਦੇਣ ਦੀ ਲੋੜ ਹੈ ਤੇ ਇਸ ਕੰਮ ਵਿੱਚ ਪਿਕਟਸ ਸੁਸਾਇਟੀ ਵਿਸ਼ੇਸ਼ ਭੂਮਿਕਾ ਅਦਾ ਕਰ ਸਕਦੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ, ਖਾਸ ਤੌਰ ’ਤੇ ਪਿਕਟਸ ਸੁਸਾਇਟੀ ਰਾਹੀਂ ਕਰਵਾਈ ਜਾਣ ਵਾਲੀ ਕੰਪਿਊਟਰ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।