ਮੁੱਖ ਸਕੱਤਰ ਵੱਲੋਂ ਅਗ਼ਾਮੀ ਜਨਗਣਨਾ ਸਬੰਧੀ ਮੀਟਿੰਗ
ਸੂਬੇ ਵਿੱਚ ਅਗ਼ਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਨਾਲ ਪਹਿਲੀ ਮੀਟਿੰਗ ਕੀਤੀ। ਇਸ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸਨਰਾਂ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਲੰਧਰ, ਅੰਮ੍ਰਿਤਸਰ ਅਤੇ ਮਾਲੇਰਕੋਟਲਾ ਵਿੱਚ ਡਿਜੀਟਲ ਜਨਗਣਨਾ 2027 ਦੇ ਅਗਾਮੀ ਪ੍ਰੀ-ਟੈਸਟ ਬਾਰੇ ਚਰਚਾ ਕੀਤੀ ਗਈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਜਨਗਣਨਾ ਸਬੰਧੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਜਨਗਣਨਾ ਸੈੱਲ ਸਥਾਪਤ ਕਰਨ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਡਾਇਰੈਕਟੋਰੇਟ ਜਨਗਣਨਾ ਵੱਲੋਂ 31 ਦਸੰਬਰ, 2025 ਤਕ ਪ੍ਰਬੰਧਕੀ ਸੀਮਾਵਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਹਨ। ਅੰਮ੍ਰਿਤਸਰ ਅਤੇ ਮਾਲੇਰਕੋਟਲਾ ਦੇ ਡਿਪਟੀ ਕਮਿਸਨਰਾਂ ਦੇ ਨਾਲ-ਨਾਲ ਨਗਰ ਨਿਗਮ ਕਮਿਸਨਰ, ਜਲੰਧਰ ਨੂੰ ਡਿਜੀਟਲ ਜਨਗਣਨਾ ਸਬੰਧੀ ਅਗਾਮੀ ਪ੍ਰੀ-ਟੈਸਟ ਗਤੀਵਿਧੀਆਂ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।