ਜਸਵੰਤ ਜੱਸ
ਫ਼ਰੀਦਕੋਟ, 12 ਜੂਨ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਲਈ ਵੱਡੀ ਸਮੱਸਿਆ ਹੈ। ਵਿਕਾਸਸ਼ੀਲ ਦੇਸ਼ਾਂ ਤੋਂ ਇਲਾਵਾ ਵਿਕਸਿਤ ਦੇਸ਼ਾਂ ਵਿੱਚ ਵੀ ਇਹ ਸਮਾਜਿਕ ਅਲਾਮਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਜਾਂ ਭੀਖ ਮੰਗਣ ਨੂੰ ਰੋਕਣ ਲਈ ਸਾਰੇ ਵਰਗਾਂ ਦੇ ਸੁਹਿਰਦ ਤੇ ਸਾਂਝੇ ਯਤਨਾਂ ਦੀ ਲੋੜ ਹੈ ਅਤੇ ਇਸ ਸਬੰਧੀ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਕਾਨੂੰਨ ਬਣਾਏ ਗਏ ਹਨ।
ਇੱਥੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵਿੱਚ ਕੌਮਾਂਤਰੀ ਬਾਲ ਮਜ਼ਦੂਰੀ ਵਿਰੋਧੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣਾ ਕਾਨੂੰਨੀ ਅਪਰਾਧ ਹੈ। ਅਜਿਹਾ ਕਰਨ ਵਾਲੇ ਨੂੰ ਕੈਦ ਤੇ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਮੁਤਾਬਕ ਭੀਖ ਮੰਗਣ ਵਾਲੇ ਬੱਚਿਆਂ ਨੂੰ ਸਿੱਖਿਆ ਵੱਲ ਤੋਰਨ ਲਈ ਯਤਨ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਭੀਖ ਮੰਗਣ ਤੋਂ ਰੋਕਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਕਾਬਿਲ ਬਣਾਇਆ ਜਾਣਾ ਚਾਹੀਦਾ ਹੈ। ਡੀਸੀ ਡਾ. ਰੂਹੀ ਦੁੱਗ ਨੇ ਦੱਸਿਆ ਕਿ ਭੀਖ ਮੰਗਣ ਵਾਲੀਆਂ ਔਰਤਾਂ ਨੂੰ ਇਸ ਬੁਰਾਈ ਤੋਂ ਨਿਜਾਤ ਦੁਆ ਕੇ ਕਿੱਤਾਮੁਖੀ ਕੋਰਸ ਕਰਵਾਉਣ ਤੇ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਬਾਲ ਮਜ਼ਦੂਰੀ ਸਮਾਜ ਦੇ ਮੱਥੇ ’ਤੇ ਵੱਡਾ ਕਲੰਕ ਹੈ ਤੇ ਗ਼ਰੀਬ ਤੇ ਲੋੜਵੰਦ ਬੱਚਿਆਂ ਨੂੰ ਖੇਡਣ ਤੇ ਪੜ੍ਹਨ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ।ਚਾਈਲਡਲਾਈਨ ਪੰਜਾਬ ਦੇ ਡਾਇਰੈਕਟਰ ਡਾ. ਪੀ.ਕੇ. ਖਰੇ ਨੇ ਕਿਹਾ ਕਿ 1098 ਹੈਲਪਲਾਈਨ ’ਤੇ ਕਾਲ ਕਰਕੇ ਸੰਸਥਾ ਤੋਂ ਬੱਚਿਆਂ ਦੇ ਮੁੜਵਸੇਬੇ ਸਬੰਧੀ ਜਾਂ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜਾ ਸਕਦੀ ਹੈ। ਡਾ. ਬਲਜੀਤ ਕੌਰ ਨੇ ਖੇਡਾਂ ਦੇ ਖੇਤਰ ’ਚ ਪ੍ਰਾਪਤੀਆਂ ਕਰ ਰਹੀਆਂ ਲਗਭਗ 50 ਖਿਡਾਰਨਾਂ ਨੂੰ ਕਿੱਟਾਂ ਦੇ ਕੇ ਸਨਮਾਨਿਤ ਵੀ ਕੀਤਾ।