ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪੰਜਾਬ ਵਿੱਚ ਗੁੰਡਿਆਂ ਨੂੰ ਸ਼ਹਿ ਅਤੇ ਸੁਰੱਖਿਆ ਦੇਣ ਦੇ ਦੋਸ਼ ਲਾਏ ਹਨ। ਭਾਜਪਾ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਲੋਕਤੰਤਰੀ ਸਿਧਾਂਤਾਂ ਨੂੰ ਤਿਲਾਂਜਲੀ ਦੇ ਕੇ ਰਾਜ ਵਿਚ ਦਹਿਸ਼ਤ ਅਤੇ ਹਿੰਸਾ ਦਾ ਮਾਹੌਲ ਸਿਰਜ ਦਿੱਤਾ ਹੈ। ਖੇਤੀ ਕਾਨੂੰਨਾਂ ਕਾਰਨ ਪੰਜਾਬ ’ਚ ਭਾਜਪਾ ਦੇ ਪਤਨ ਵਾਲੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਮਨਭਾਉਂਦੀ ਸੋਚ ਨੇ ਜ਼ਮੀਨੀ ਹਕੀਕਤ ਤੋਂ ਉਨ੍ਹਾਂ ਨੂੰ ਅੰਨ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਰਾਜ ਵਿਚ ਮੰਡੀ ਪ੍ਰਣਾਲੀ ’ਚ ਸੁਧਾਰ ਲਿਆਉਣ ਦੇ ਵਾਅਦੇ ਦੇ ਨਾਲ ਹੀ ਕਿਸਾਨਾਂ ਸਿਰ ਚੜ੍ਹਿਆ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਹ ਪੂਰਾ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ।