ਪੱਤਰ ਪ੍ਰੇਰਕ
ਮਾਛੀਵਾੜਾ, 16 ਫਰਵਰੀ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ, ਬੇਕਸੂਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ, ਬੇਕਸੂਰ ਕਿਸਾਨਾਂ ਦੀ ਰਿਹਾਈ ਵਾਸਤੇ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਨੇ 18 ਫਰਵਰੀ ਨੂੰ 12 ਤੋਂ 4 ਵਜੇ ਤਕ ਰੇਲਾਂ ਰੋਕਣ ਦਾ ਜੋ ਸੱਦਾ ਦਿੱਤਾ ਹੈ, ਉਸ ਲਈ ਦੇਸ਼ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰੀ ਹੋ ਰਹੀ ਹੈ ਅਤੇ ਕਿਸਾਨ ਮਾਰੂ ਕਾਨੂੰਨ ਰੱਦ ਕਰਨ ਦੀ ਥਾਂ ਕਿਸਾਨਾਂ ਨਾਲ ਟਕਰਾਅ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ 18 ਫਰਵਰੀ ਨੂੰ ਸਾਰੇ ਭਾਰਤ ਵਿੱਚ ਲੋਕ ਰੇਲਾਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਫ਼ਤਵਾ ਦੇਣਗੇ।