ਮੁੱਖ ਮੰਤਰੀ ਦੀ ਕੋਠੀ ਅੱਗੇ ਸਹਾਇਕ ਪ੍ਰੋਫੈਸਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ
ਗੁਰਦੀਪ ਸਿੰਘ ਲਾਲੀ
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੰਜਾਬ ਭਰ ਤੋਂ ਇੱਥੇ ਪੁੱਜੇ 1158 ਸਹਾਇਕ ਪ੍ਰੋਫੈਸਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਤੇ ਧੱਕਾ-ਮੁੱਕੀ ਹੋਈ। ਇਸ ਦੌਰਾਨ ਕਈ ਸਹਾਇਕ ਪ੍ਰੋਫੈਸਰਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ ਅਤੇ ਕਈ ਹੇਠਾਂ ਵੀ ਡਿੱਗੇ। ਵੱਡੀ ਗਿਣਤੀ ’ਚ ਪੁੱਜੇ ਸਹਾਇਕ ਪ੍ਰੋਫੈਸਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਵੀ ਕਾਫ਼ੀ ਮੁਸ਼ੱਕਤ ਕਰਨੀ ਪਈ। ਇਸ ਦੌਰਾਨ ਇੱਕ ਦਰਜਨ ਤੋਂ ਵੱਧ ਸਹਾਇਕ ਪ੍ਰੋਫੈਸਰਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਵੀ ਲੈ ਲਿਆ ਸੀ। ਅੱਜ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਅਗਵਾਈ ਹੇਠ ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਸਰਕਾਰੀ ਕਾਲਜਾਂ ਵਿੱਚੋਂ ਸਮੂਹਿਕ ਛੁੱਟੀ ਲੈ ਕੇ ਇੱਥੇ ਵੇਰਕਾ ਮਿਲਕ ਪਲਾਂਟ ਪਾਰਕ ਵਿੱਚ ਇਕੱਠੇ ਹੋਏ। ਇੱਥੋਂ ਮਾਰਚ ਕਰਦੇ ਹੋਏ ਜਿਵੇਂ ਹੀ ਉਹ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਗੇਟ ਨੇੜੇ ਪੁੱਜੇ ਤਾਂ ਪੁਲੀਸ ਨੇ ਸਖ਼ਤ ਨਾਕਾਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਤੇ ਤਿੰਨ ਘੰਟੇ ਧਰਨੇ ’ਤੇ ਬੈਠੇ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਫਰੰਟ ਦੇ ਆਗੂ ਡਾ. ਪਰਮਜੀਤ ਸਿੰਘ, ਡਾ. ਮੁਹੰਮਦ ਸੋਹੇਲ, ਡਾ. ਕਰਮਜੀਤ ਸਿੰਘ, ਪ੍ਰਿਤਪਾਲ ਸਿੰਘ, ਜਸਵਿੰਦਰ ਕੌਰ, ਜਸਪ੍ਰੀਤ ਸਿਵੀਆ ਅਤੇ ਜਸਕਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ’ਚ 1158 ਭਰਤੀ ਬਚਾਉਣ ਲਈ ਰੀਵਿਊ ਅਤੇ ਕਿਉਰੇਟਿਵ ਪਟੀਸ਼ਨ ਦਾਇਰ ਕਰ ਕੇ ਪੁਰਜ਼ੋਰ ਪੈਰਵੀ ਕਰੇ, ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਜਨਤਕ ਬਿਆਨ ਜਾਰੀ ਕਰ ਕੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਰੁਜ਼ਗਾਰ ਸੁਰੱਖਿਅਤ ਕਰਨ ਦਾ ਭਰੋਸਾ ਦਿਵਾਉਣ। ਰੋਸ ਧਰਨੇ ਦੌਰਾਨ ਜਦੋਂ ਪ੍ਰਸ਼ਾਸਨ ਤਰਫ਼ੋਂ ਕੋਈ ਸੁਣਵਾਈ ਨਾ ਹੋਈ ਤਾਂ ਪ੍ਰਦਰਸ਼ਨਕਾਰੀਆਂ ਨੇ ਜਬਰੀ ਅੱਗੇ ਵਧਣ ਲੱਗੇ ਜਿਸ ਦੌਰਾਨ ਪੁਲੀਸ ਨਾਲ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਕਈਆਂ ਦੀਆਂ ਪੱਗਾਂ ਤੇ ਚੁੰਨੀਆਂ ਲੱਥ ਗਈਆਂ ਅਤੇ ਕਈ ਸੜਕ ’ਤੇ ਡਿੱਗ ਗਏ। ਆਗੂਆਂ ਅਨੁਸਾਰ ਪੁਲੀਸ ਨੇ ਕਰੀਬ 16 ਸਹਾਇਕ ਪ੍ਰੋਫੈਸਰਾਂ ਨੂੰ ਹਿਰਾਸਤ ਵਿੱਚ ਲੈ ਗਿਆ ਅਤੇ ਬਾਅਦ ਵਿੱਚ ਛੱਡ ਦਿੱਤਾ ਗਿਆ।
ਬਾਅਦ ਵਿੱਚ ਪ੍ਰਸ਼ਾਸਨ ਨੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀ ਫਰੰਟ ਨੂੰ ਕੈਬਨਿਟ ਸਬ-ਕਮੇਟੀ ਨਾਲ 18 ਸਤੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਚੰਡੀਗੜ੍ਹ ਵਿੱਚ ਮੀਟਿੰਗ ਨਿਸ਼ਚਿਤ ਕਰਵਾਈ ਅਤੇ ਲਿਖਤੀ ਪੱਤਰ ਸੌਂਪਿਆ। ਇਸ ਪ੍ਰਦਰਸ਼ਨ ਵਿੱਚ ਆਲ ਇੰਡੀਆ ਸਟੂਡੈਂਟ ਫੈੱਡਰੇਸ਼ਨ, ਪੀ ਐੱਸ ਯੂ (ਸ਼ਹੀਦ ਰੰਧਾਵਾ), ਪੰਜਾਬ ਸਟੂਡੈਂਟਸ ਯੂਨੀਅਨ, ਪੀ ਐੱਸ ਯੂ (ਲਲਕਾਰ), ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ), ਡੈਮੋਕ੍ਰੈਟਿਕ ਟੀਚਰਜ਼ ਫਰੰਟ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਸ਼ਾਮਲ ਹੋਏ।