ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਫਰਵਰੀ
ਕਸਬਾ ਵੇਰਕਾ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਮਰਥਕਾਂ ਵਿਚਾਲੇ ਹੋਏ ਝਗੜੇ ਵਿੱਚ ਗੋਲੀ ਚੱਲਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਇਸ ਘਟਨਾ ’ਚ ਦੋਵੇਂ ਧਿਰਾਂ ਦਾ ਇਕ-ਇਕ ਬੰਦਾ ਜ਼ਖ਼ਮੀ ਹੋ ਗਿਆ ਹੈ। ਇਸ ਮਾਮਲੇ ਵਿਚ ਸ੍ਰੀ ਸਿੱਧੂ ਦੇ ਨਜ਼ਦੀਕੀ ਹਰਪਾਲ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਕਾਲੀ ਦਲ ਦੇ ਤਿੰਨ ਸਮਰਥਕਾਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਹੈ, ਜਿਨ੍ਹਾਂ ਦੀ ਪਛਾਣ ਲਖਬੀਰ ਸਿੰਘ, ਮਨਪ੍ਰੀਤ ਸਿੰਘ ਅਤੇ ਬਿਕਰਮ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਅਕਾਲੀ ਧਿਰ ਦੇ ਲਖਬੀਰ ਸਿੰਘ ਨੇ ਵੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਸ ਨੇ ਦੋਸ਼ ਲਾਇਆ ਕਿ ਕਾਂਗਰਸੀ ਹਰਪਾਲ ਸਿੰਘ ਤੇ ਉਸ ਦੇ ਸਾਥੀ ਸ਼ਰਾਬ ਵੰਡ ਰਹੇ ਸਨ। ਜਦੋਂ ਉਨ੍ਹਾਂ ਰੋਕਿਆ ਤਾਂ ਹਰਪਾਲ ਨੇ ਗੋਲੀ ਚਲਾਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਉਸ ਨੇ ਸੂਟ ਵੰਡਣ ਦੇ ਲਾਏ ਦੋਸ਼ਾਂ ਨੂੰ ਰੱਦ ਕੀਤਾ। ਦੋਵੇਂ ਜ਼ਖਮੀ ਹੋਏ ਵਿਅਕਤੀਆਂ ਵਿਚੋਂ ਇਕ ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ ਇਕ ਨੂੰ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ ਹੈ। ਥਾਣਾ ਵੇਰਕਾ ਦੇ ਐੱਸਐੱਚਓ ਨੇ ਆਖਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਖਬੀਰ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਵੀ ਜਾਂਚ ਹੋ ਰਹੀ ਹੈ।