ਸ਼੍ਰੋਮਣੀ ਅਕਾਲੀ ਦਲ ਅਤੇ ਨਵੇਂ ਬਣੇ ਦਲ ’ਚ ਟਕਰਾਅ ਵਧਿਆ
ਆਤਿਸ਼ ਗੁਪਤਾ
ਸ਼੍ਰੋਮਣੀ ਅਕਾਲੀ ਦਲ ਅਤੇ ਨਵੇਂ ਬਣੇ ਅਕਾਲੀ ਦਲ ਵਿੱਚ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਆਗੂਆਂ ’ਤੇ ਸਿਆਸੀ ਨਿਸ਼ਾਨੇ ਸੇਧੇ। ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਅਕਾਲੀ ਦਲ ਨੂੰ ਦੋਫਾੜ ਕਰਨ ਤੇ ਵੱਖਰਾ ਧੜਾ ਬਣਾਉਣ ਦੀ ਸਾਜ਼ਿਸ਼ 2 ਦਸੰਬਰ 2024 ਦੇ ਅਕਾਲ ਤਖ਼ਤ ਦੇ ਹੁਕਮਨਾਮੇ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ’ਤੇ ਰਚੇ ਜਾਣ ਦੇ ਚੰਦੂਮਾਜਰਾ ਦੇ ਇਕਬਾਲੀਆ ਬਿਆਨ ’ਤੇ ਆਪਣੀ ਸਥਿਤੀ ਸਪੱਸ਼ਟ ਕਰਨ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ ਅਤੇ ਸਰਬਜੀਤ ਸਿੰਘ ਝਿੰਜਰ ਨੇ ਇੱਥੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਚੰਦੂਮਾਜਰਾ ਨੇ ਬੀਤੇ ਦਿਨ ਲੌਂਗੋਵਾਲ ਵਿੱਚ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ, ਅਕਾਲੀ ਦਲ ਨੂੰ ਦੋਫਾੜ ਕਰਨ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਚੁੱਲ੍ਹਾ ਦਲ ਦਾ ਪ੍ਰਧਾਨ ਬਣਾਉਣ ਦੀ ਸਾਜ਼ਿਸ਼ ਨੂੰ ਮਰਹੂਮ ਢੀਂਡਸਾ ਦੀ ਰਿਹਾਇਸ਼ ’ਤੇ ਅੰਤਿਮ ਛੋਹਾਂ ਦਿੱਤੀਆਂ ਗਈਆਂ। ਚੰਦੂਮਾਜਰਾ ਨੇ ਕਿਹਾ ਕਿ ਇਹ ਸਭ ਕੁਝ ਹੋਰ ਕਈ ਆਗੂਆਂ ਦੀ ਹਾਜ਼ਰੀ ਵਿਚ ਹੋਇਆ। ਇਸ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਢੀਂਡਸਾ ਨੇ ਚੰਡੀਗੜ੍ਹ ਰਿਹਾਇਸ਼ ’ਤੇ ਸੱਦਿਆ ਸੀ।
ਅਕਾਲੀ ਦਲ ਦੇ ਆਗੂਆਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਪ੍ਰੋ. ਚੰਦੂਮਾਜਰਾ ਦੇ ਬਿਆਨ ਦਾ ਨੋਟਿਸ ਲੈਣ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਢੀਂਡਸਾ ਦੀ ਰਿਹਾਇਸ਼ ’ਤੇ ਪੁੱਜੇ ਸਨ, ਜਿਥੇ ਨਵੀਂ ਸਿਆਸੀ ਪਾਰਟੀ ਬਣਾਉਣ ਲਈ ਚਰਚਾ ਕੀਤੀ ਗਈ। ਉਹ ਵੀ ਉਸ ਵੇਲੇ ਜਦੋਂ ਉਹ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਮਿਲੀ ਸ਼ਿਕਾਇਤ ਦਾ ਨਿਪਟਾਰਾ ਕਰਨ ਵਿੱਚ ਲੱਗੇ ਸਨ। ਸ੍ਰੀ ਗਰੇਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ ਜਾਵੇ ਅਤੇ ਪੰਥ ਦਾ ਦੋਖ਼ੀ ਕਰਾਰਿਆ ਜਾਵੇ।
ਗਿਆਨੀ ਹਰਪ੍ਰੀਤ ਸਿੰਘ ਦੀ ਚੋਣ ਸੰਵਿਧਾਨਕ ਢੰਗ ਨਾਲ ਕੀਤੀ: ਝੂੰਦਾ
ਭਰਤੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਜਿਹੜੇ ਲੋਕ ਅਕਾਲ ਤਖਤ ਦੇ ਆਦੇਸ਼ ਤੋਂ ਭਗੌੜੇ ਹੋ ਗਏ ਹਨ, ਉਹ ਆਪਣੇ ਗੁਨਾਹਾਂ ਨੂੰ ਛੁਪਾਉਣ ਲਈ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਅਤੇ ਬੀਬੀ ਸਤਵੰਤ ਕੌਰ ਦੀ ਚੋਣ ਗੁਰੂ ਮਾਹਰਾਜ ਦੀ ਹਜ਼ੂਰੀ ਵਿੱਚ ਡੈਲੀਗੇਟ ਹਾਊਸ ਦੀ ਪ੍ਰਵਾਨਗੀ ਨਾਲ ਲੋਕਤੰਤਰਿਕ ਢੰਗ ਨਾਲ ਕੀਤੀ ਗਈ ਹੈ।