ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਦਿੜਬਾ/ਸੰਗਰੂਰ, 7 ਸਤੰਬਰ
ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੀ ਦਿੜਬਾ ਤਹਿਸੀਲ ਵਿੱਚ ਤਾਇਨਾਤ ਰਜਿਸਟਰੀ ਕਲਰਕ ਨੂੰ ਦਸ ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਵਿਜੀਲੈਂਸ ਬਿਊਰੋ ਪਟਿਆਲਾ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਦੇ ਉਪ ਕਪਤਾਨ ਪੁਲੀਸ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸੂਲਰ ਦੇ ਵਸਨੀਕ ਸੁਖਦੇਵ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਖਦੇਵ ਸਿੰਘ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਜਿਸਟਰੀ ਕਲਰਕ ਉਸ ਕੋਲੋਂ ਰਜਿਸਟਰੀ ਕਰਾਉਣ ਲਈ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਦੀ ਟੀਮ ਨੇ ਅੱਜ ਛਾਪਾ ਮਾਰ ਕੇ ਰਜਿਸਟਰੀ ਕਲਰਕ ਨੂੰ ਸ਼ਿਕਾਇਤਕਰਤਾ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਕਬੂਲਦੇ ਹੋਏ ਕਾਬੂ ਕੀਤਾ ਹੈ।