ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਮਈ
ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦੀ ਮੰਗ ਲਈ ਪਿਛਲੇ 35 ਦਿਨਾਂ ਤੋਂ ਕਹਿਰ ਦੀ ਗਰਮੀ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਗਾਤਾਰ ਪੱਕੇ ਮੋਰਚੇ ’ਚ ਡਟੇ ਕਲਰਕ ਟੈਸਟ ਪਾਸ ਉਮੀਦਵਾਰਾਂ ਦੇ ਸੰਘਰਸ਼ ਨੂੰ ਅੱਜ ਬੂਰ ਪੈ ਗਿਆ। ਡਿਪਟੀ ਕਮਿਸ਼ਨਰ ਰਾਹੀਂ ਅੱਜ ਕਲਰਕ ਟੈਸਟ ਪਾਸ ਉਮੀਦਵਾਰਾਂ ਦੀ ਮੁੱਖ ਮੰਤਰੀ ਨਾਲ 31 ਮਈ ਦੀ ਮੀਟਿੰਗ ਤੈਅ ਹੋਈ ਹੈ, ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਪੱਤਰ ਵੀ ਸੌਂਪਿਆ ਗਿਆ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੀ ਕੋਠੀ ਅੱਗੇ ਤਿੰਨ ਪੱਕੇ ਰੋਸ ਧਰਨੇ ਜਾਰੀ ਹਨ, ਜਿਨ੍ਹਾਂ ’ਚੋਂ ਬੀਤੇ ਕੱਲ੍ਹ ਕਰੋਨਾ ਯੋਧਿਆਂ ਨੂੰ ਮੁੱਖ ਮੰਤਰੀ ਨਾਲ 27 ਮਈ ਦੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਜਦਕਿ ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਮਈ ਨੂੰ ਭਰਤੀ ਪ੍ਰਕਿਰਿਆ ਦੀ ਪ੍ਰਗਤੀ ਬਾਰੇ ਜਾਣੂ ਕਰਾਉਣ ਦਾ ਭਰੋਸਾ ਦਿੱਤਾ ਗਿਆ ਹੈ। ਪਰ ਪਿਛਲੇ 35 ਦਿਨਾਂ ਤੋਂ ਪੱਕਾ ਰੋਸ ਧਰਨਾ ਲਾ ਕੇ ਬੈਠੇ ਕਲਰਕ ਟੈਸਟ ਪਾਸ ਉਮੀਦਵਾਰ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੀਟਿੰਗ ਦੀ ਤਾਰੀਖ਼ ਮਿਲਣ ਦੀ ਉਡੀਕ ਕਰ ਰਹੇ ਸਨ।
ਕਲਰਕ ਟੈਸਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਗੌਰਵ ਗਾਬਾ ਨੇ ਦੱਸਿਆ ਕਿ ਅੱਜ ਉਹ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਨੂੰ ਮਿਲੇ ਸਨ, ਜਿਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਕਿ ਉਹ ਸ਼ਾਂਤਮਈ ਢੰਗ ਨਾਲ ਧਰਨੇ ’ਤੇ ਬੈਠੇ ਹਨ, ਪਰ ਉਨ੍ਹਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨਾਲ 31 ਮਈ ਦੀ ਮੀਟਿੰਗ ਤੈਅ ਕਰਵਾ ਦਿੱਤੀ। ਉਂਜ ਤਿੰਨੇ ਧਿਰਾਂ ਮੰਗਾਂ ਮੰਨੇ ਜਾਣ ਤੱਕ ਮੁੱਖ ਮੰਤਰੀ ਦੀ ਕੋਠੀ ਅੱਗੇ ਡਟੀਆਂ ਰਹਿਣਗੀਆਂ।