ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਖਰੀਦ ਸੀਜ਼ਨ ’ਚ ਨਿਰਵਿਘਨ ਖਰੀਦ ਲਈ ਹੁਣ ਤੋਂ ਹੀ ਕਰਮਕੱਸੇ ਕਰ ਲਏ ਹਨ। ਅਗਲੀਆਂ ਚੋਣਾਂ ਤੋਂ ਪਹਿਲਾਂ ਝੋਨੇ ਦੀ ਫਸਲ ਮੰਡੀਆਂ ਵਿੱਚ ਆਉਣੀ ਹੈ ਜਿਸ ਦੀ ਖਰੀਦ ਲਈ ਅਗਾਊ ਪ੍ਰਬੰਧਾਂ ਬਾਰੇ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਮੁੱਖ ਮੰਤਰੀ ਨੇ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਸਾਉਣੀ ਮੰਡੀਕਰਨ ਸੀਜ਼ਨ, 2021-22 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਉਤਪਾਦਨ ਦਾ 197.47 ਲੱਖ ਮੀਟਰਕ ਟਨ ਦਾ ਟੀਚਾ ਨਿਰਧਾਰਿਤ ਕੀਤਾ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਨੂੰ ਕੇਂਦਰ ਨਾਲ ਵੇਲੇ ਸਿਰ ਤਾਲਮੇਲ ਕਰਕੇ ਬਾਰਦਾਨੇ ਦੀ ਸਮੇਂ ਸਿਰ ਖਰੀਦ ਕਰਨ ਤੋਂ ਇਲਾਵਾ ਝੋਨੇ ਦੀ ਨਿਰਵਿਘਨ ਲਿਫਟਿੰਗ ਲਈ ਆਵਾਜਾਈ ਅਤੇ ਲੇਬਰ ਸਮੇਤ ਹੋਰ ਲੋੜੀਂਦਾ ਸਾਜ਼ੋ-ਸਾਮਾਨ ਯਕੀਨੀ ਬਣਾਇਆ ਜਾਵੇ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।