CM ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡਣ ਵਾਲਿਆਂ ਨੂੰ ਮਿਲੇਗਾ ਰੁਜ਼ਗਾਰ
ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ਦੇ ਅਗਲੇ ਪੜਾਅ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ 'ਸੂਰਮਾ' ਮੁਹਿੰਮ ਸ਼ੁਰੂ ਕੀਤੀ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਿਆਂ ਦੇ ਸੇਵਨ ਤੋਂ ਦੂਰ ਰਹਿਣ ਵਾਲੇ ਲੋਕਾਂ ਨੂੰ ਸਨਮਾਨਿਤ ਕਰਦਿਆਂ ਮਾਨ...
ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ਦੇ ਅਗਲੇ ਪੜਾਅ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ 'ਸੂਰਮਾ' ਮੁਹਿੰਮ ਸ਼ੁਰੂ ਕੀਤੀ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਿਆਂ ਦੇ ਸੇਵਨ ਤੋਂ ਦੂਰ ਰਹਿਣ ਵਾਲੇ ਲੋਕਾਂ ਨੂੰ ਸਨਮਾਨਿਤ ਕਰਦਿਆਂ ਮਾਨ ਨੇ ਐਲਾਨ ਕੀਤਾ ਕਿ ਅਜਿਹੇ ਲੋਕ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦੇਵੇਗੀ।
ਉਨ੍ਹਾਂ ਕਿਹਾ ਕਿ ਇਹ ਲੋਕ ਜ਼ਮੀਨੀ ਪੱਧਰ 'ਤੇ ਇਸ ਸਮੱਸਿਆ ਵਿਰੁੱਧ ਲੜਾਈ ਦੀ ਅਗਵਾਈ ਵੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਰਾਸਤ ਨਾਲ ਡੂੰਘਾਈ ਨਾਲ ਜੁੜਿਆ 'ਸੂਰਮਾ' ਸ਼ਬਦ ਯੋਧਿਆਂ ਵਰਗੀ ਹਿੰਮਤ ਦਾ ਪ੍ਰਤੀਕ ਹੈ ਅਤੇ ਇਹ ਅਟੁੱਟ ਇੱਛਾ ਸ਼ਕਤੀ ਤੇ ਆਪਣੀ ਜ਼ਿੰਦਗੀ ਨੂੰ ਮੁੜ ਲੀਹ 'ਤੇ ਲਿਆਉਣ ਦੇ ਪੱਕੇ ਇਰਾਦੇ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਹਨ। ਉਨ੍ਹਾਂ ਐਲਾਨ ਕੀਤਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਵਰਤਣ ਲਈ 15 ਜੁਲਾਈ ਤੱਕ ਪੂਰੇ ਪੰਜਾਬ ਦੇ ਲਗਪਗ 3,100 ਪਿੰਡਾਂ ਵਿੱਚ ਖੇਡ ਮੈਦਾਨ ਅਤੇ 3,000 ਜਿੰਮ ਸ਼ੁਰੂ ਹੋ ਜਾਣਗੇ।
ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮਾਨ ਨੇ ਪ੍ਰੋਗਰਾਮ ਵਿੱਚ ਕਿਹਾ ਕਿ ਇਨ੍ਹਾਂ ਲੋਕਾਂ ਨੇ ਦਰਦਨਾਕ ਅਤੀਤ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਉੱਜਵਲ ਭਵਿੱਖ ਨੂੰ ਅਪਣਾਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਜਿਹੇ ਲੋਕਾਂ ਨੂੰ ਹਰ ਸੰਭਵ ਮਦਦ ਦੇਵੇਗੀ।
