ਹਰਜੀਤ ਸਿੰਘ
ਜ਼ੀਰਕਪੁਰ, 15 ਜੁਲਾਈ
ਇੱਥੇ ਸ਼ਹਿਰ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਕੱਟੀਆਂ ਜਾ ਰਹੀਆਂ ਨਾਜਾਇਜ਼ ਕਲੋਨੀਆਂ ਅਤੇ ਕੀਤੀਆਂ ਜਾ ਰਹੀਆਂ ਨਾਜਾਇਜ਼ ਉਸਾਰੀਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਸਥਾਨਕ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਦੇਵ ਚੌਧਰੀ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸੀਨੀਅਰ ਨਗਰ ਯੋਜਨਾਕਾਰ ਨੂੰ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਵੱਲੋਂ ਇਹ ਜਾਂਚ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਅਰਬਨ ਡਿਵੈਲਪਮੈਂਟ ਨੂੰ ਨਿਰਧਾਰਤ ਸਮੇਂ ਵਿੱਚ ਕਰ ਕੇ ਰਿਪੋਰਟ ਜਮ੍ਹਾਂ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ।
ਸੁਖਦੇਵ ਚੌਧਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਸੈਂਕੜੇ ਨਾਜਾਇਜ਼ ਕਲੋਨੀਆਂ ਕੱਟੀਆਂ ਜਾ ਰਹੀਆਂ ਹਨ ਤੇ ਨਾਜਾਇਜ਼ ਉਸਾਰੀਆਂ ਹੋ ਰਹੀਆਂ ਹਨ। ਕੌਂਸਲ ਅਧਿਕਾਰੀਆਂ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਥਾਂ ਕਥਿਤ ਤੌਰ ’ਤੇ ਸ਼ਹਿ ਦਿੱਤੀ ਜਾ ਰਹੀ ਹੈ। ਪਹਿਲਾਂ ਹੀ ਬਿਨਾਂ ਕਿਸੇ ਯੋਜਨਾ ਤੋਂ ਵਸੇ ਸ਼ਹਿਰ ਵਿੱਚ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਸਬੂਤਾਂ ਸਮੇਤ ਲਿਖਤੀ ਸ਼ਿਕਾਇਤਾਂ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਵਿਭਾਗ ਦੇ ਮੰਤਰੀ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਪਰ ਉਹ ਕਾਰਵਾਈ ਕਰਨ ਦੀ ਥਾਂ ਟਾਲਾ ਵੱਟ ਰਹੇ ਹਨ। ਉਨ੍ਹਾਂ ਆਖਿਆ ਕਿ ਨਾਜਾਇਜ਼ ਉਸਾਰੀਆਂ ਨਾਲ ਸਰਕਾਰ ਨੂੰ ਜਿੱਥੇ ਕਰੋੜਾਂ ਰੁਪਏ ਦਾ ਰਗੜਾ ਲੱਗ ਰਿਹਾ ਹੈ, ਉੱਥੇ ਹੀ ਨਿਯਮਾਂ ਦੀ ਪਾਲਣਾ ਨਾ ਹੋਣ ਕਾਰਨ ਲੋਕਾਂ ਦੇ ਕਰੋੜਾਂ ਰੁਪਏ ਇਨ੍ਹਾਂ ਪ੍ਰਾਜੈਕਟਾਂ ਵਿੱਚ ਫਸ ਰਹੇ ਹਨ।