ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਪੂਰਥਲਾ ਸੈਨਿਕ ਸਕੂਲ ਦੀ ਇਮਾਰਤ ਲਈ ਫੰਡ ਅਤੇ ਵਿਦਿਆਰਥੀਆਂ ਦਾ ਵਜ਼ੀਫ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਕਪੂਰਥਲਾ ਸਕੂਲ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਸਿਰ-ਤੋੜ ਯਤਨ ਕਰੇਗੀ।
ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ, ਜਿਨ੍ਹਾਂ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ।