ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਈ
‘ਆਪ’ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਕੈਬਨਿਟ ਵਿੱਚੋਂ ਬਾਹਰ ਕਰ ਕੇ ‘ਆਪ’ ਦੀ ਇਮਾਨਦਾਰ ਸਿਆਸਤ ’ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਸਰਕਾਰ ਦੇਣ ਲਈ ਵਚਨਬੱਧ ਹੈ।
ਸ੍ਰੀ ਕੰਗ ਨੇ ਕਿਹਾ ਕਿ ਲੋਕਾਂ ਨੂੰ ਮੁੱਖ ਮੰਤਰੀ ਤੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੀਆਂ ਜਿਹੜੀਆਂ ਉਮੀਦਾਂ ਹਨ, ਉਨ੍ਹਾਂ ’ਤੇ ਉਹ ਖਰੇ ਉਤਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ’ ਨੰਬਰ ਜਾਰੀ ਕਰ ਕੇ ਵੱਖ-ਵੱਖ ਵਿਭਾਗਾਂ ਵਿੱਚੋਂ ਰਿਸ਼ਵਤਖੋਰੀ ਖ਼ਤਮ ਕੀਤੀ ਤੇ ਹੁਣ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਖ਼ਿਲਾਫ਼ ਕਾਰਵਾਈ ਕਰ ਕੇ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਦ ਹੋਰ ਵੀ ਉੱਚਾ ਹੋ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਭ੍ਰਿਸ਼ਟਾਚਾਰ ਤੇ ਭ੍ਰਿਸ਼ਟ ਵਿਅਕਤੀਆਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਲ 2015 ਵਿੱਚ ਆਪਣੇ ਇੱਕ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਦਿੱਲੀ ਦੀ ਕੈਬਨਿਟ ਵਿੱਚੋਂ ਇਸੇ ਤਰ੍ਹਾਂ ਹੀ ਬਾਹਰ ਕੀਤਾ ਸੀ।